Breaking News
ਅਕਾਲੀ ਦਲ-ਭਾਜਪਾ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ

ਅਕਾਲੀ ਦਲ-ਭਾਜਪਾ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ

ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਸਿਆਸੀ ਤੌਰ ’ਤੇ ਇਕੱਠੇ ਹੋਣ ਨਾਲ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਇਸ ਗੱਠਜੋੜ ਨੂੰ ਲੈ ਕੇ ਹੁਣ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਵੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ’ਤੇ ਸਵਾਲ ਖੜ੍ਹੇ ਕੀਤੇ।

ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਜਿਹੜੀ ਪਾਰਟੀ ਹੁਣ ਮੁੜ ਭਾਜਪਾ ਨਾਲ ਗੱਠਜੋੜ ਕਰ ਰਹੀ ਹੈ, ਉਸ ਨੂੰ ਲੋਕਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹ ਕਿਸ ਆਧਾਰ ’ਤੇ ਦੁਬਾਰਾ ਇਕੱਠੇ ਹੋਏ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਆਗੂਆਂ ਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕ ਪਿਛਲੀਆਂ ਘਟਨਾਵਾਂ ਨੂੰ ਭੁੱਲ ਚੁੱਕੇ ਹਨ?

ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੇ ਵਧੇ ਪ੍ਰਭਾਵ ਦਾ ਮੁੱਦਾ ਚੁੱਕਿਆ। ਇਸ ਦੇ ਨਾਲ ਹੀ ਉਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਪੰਜਾਬ ਦੇ ਪਾਣੀਆਂ ਸਬੰਧੀ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।

ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਥੋੜ੍ਹਾ-ਬਹੁਤ ਲੋਕਾਂ ਸਾਹਮਣੇ ਮੂੰਹ ਦਿਖਾਉਣ ਜੋਗਾ ਤਾਂ ਰੱਖ ਲਓ।”

ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਲੈ ਕੇ ਸ਼ਬਦੀ ਜੰਗ ਹੋਰ ਤੇਜ਼ ਹੋਣ ਦੇ ਆਸਾਰ ਹਨ। ਇੱਕ ਪਾਸੇ ਦੋਵੇਂ ਪਾਰਟੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕੱਠੇ ਮੈਦਾਨ ਵਿੱਚ ਉਤਰਨ ਦੀ ਤਿਆਰੀ ਕਰ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਸੱਤਾਧਾਰੀ ਧਿਰ ਵੱਲੋਂ ਇਸ ਸਾਂਝ ਨੂੰ ਲੈ ਕੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ।