ਮਜੀਠੀਆ ਦੀ ਜਾਨ ਨੂੰ ਖ਼ਤਰਾ, ਖੁਫੀਆ ਏਜੰਸੀਆਂ ਦੇ ਇਨਪੁਟ ਤੋਂ ਬਾਅਦ ਹਾਈ ਅਲਰਟ

ਨਾਭਾ : ਪੰਜਾਬ ਦੀ ਸਭ ਤੋਂ ਸੁਰੱਖਿਅਤ ਮੰਨੀ ਜਾਣ ਵਾਲੀ ਨਾਭਾ ਜੇਲ੍ਹ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਲੈ ਕੇ ਕੇਂਦਰੀ ਖੁਫੀਆ ਏਜੰਸੀਆਂ ਨੇ ਇੱਕ ਬਹੁਤ ਹੀ ਸੰਵੇਦਨਸ਼ੀਲ ਚੇਤਾਵਨੀ ਜਾਰੀ ਕੀਤੀ ਹੈ। ਇਸ ਖ਼ਬਰ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵਿੱਚ ਹੜਕੰਪ ਮਚ ਗਿਆ ਹੈ

ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਨਿਸ਼ਾਨੇ ‘ਤੇ ਮਜੀਠੀਆ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਵੱਲੋਂ ਬਿਕਰਮ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਵੱਡੀ ਸਾਜ਼ਿਸ਼ ਰਚੀ ਗਈ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਇਨਪੁਟ ਦਿੱਤਾ ਹੈ ਕਿ ਅੱਤਵਾਦੀ ਸੰਗਠਨ ਜੇਲ੍ਹ ਦੇ ਅੰਦਰ ਜਾਂ ਬਾਹਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹੈ

ਗੁਪਤ ਪੱਤਰ ਅਤੇ ਈ-ਮੇਲ ਨੇ ਵਧਾਈ ਹਲਚਲ
ਇਸ ਖ਼ਤਰੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਇੰਟੈਲੀਜੈਂਸ) ਵੱਲੋਂ ਇੱਕ ਅਤਿ-ਗੁਪਤ ਈ-ਮੇਲ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਭੇਜੀ ਗਈ ਹੈ। ਇਸ ਪੱਤਰ ਵਿੱਚ ਸਾਫ਼ ਤੌਰ ‘ਤੇ ਕਿਹਾ ਗਿਆ ਹੈ ਕਿ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਕੁਤਾਹੀ ਨਾ ਵਰਤੀ ਜਾਵੇ

ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ : ਖੁਫੀਆ ਰਿਪੋਰਟ ਮਿਲਣ ਤੋਂ ਤੁਰੰਤ ਬਾਅਦ ਨਾਭਾ ਜੇਲ੍ਹ ਨੂੰ ਇੱਕ ਕਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜੇਲ੍ਹ ਦੇ ਆਲੇ-ਦੁਆਲੇ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪੰਜਾਬ ਪੁਲਿਸ ਦੇ ਵਿਸ਼ੇਸ਼ ਯੂਨਿਟਾਂ ਨੂੰ ਸਥਿਤੀ ‘ਤੇ ਨਜ਼ਰ ਰੱਖਣ ਦੇ ਹੁਕਮ ਦਿੱਤੇ ਗਏ ਹਨ