ਅਹਿਮਦਾਬਾਦ ਹਵਾਈ ਅੱਡੇ ‘ਤੇ ਹਫੜਾ-ਦਫੜੀ: ਦਮਾਮ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਬੰਬ ਦੀ ਧਮਕੀ

ਦਮਾਮ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਅਹਿਮਦਾਬਾਦ ਹਵਾਈ ਅੱਡੇ ‘ਤੇ ਐਮਰਜੈਂਸੀ ਲਾਗੂ ਕਰਨੀ ਪਈ। ਜਹਾਜ਼ ਵਿੱਚ 32 ਯਾਤਰੀ ਸਵਾਰ ਸਨ।

ਘਟਨਾ ਉਸ ਸਮੇਂ ਵਾਪਰੀ ਜਦੋਂ ਉਡਾਣ ਦੌਰਾਨ ਏਅਰ ਹੋਸਟੈੱਸ ਨੂੰ ਜਹਾਜ਼ ਦੇ ਟਾਇਲਟ ਵਿੱਚੋਂ ਕਾਗਜ਼ ਦੀ ਇੱਕ ਪਰਚੀ ਮਿਲੀ, ਜਿਸ ਉੱਤੇ ਅੰਗਰੇਜ਼ੀ ਵਿੱਚ ਸਿਰਫ਼ ‘ਬੰਬ’ ਲਿਖਿਆ ਹੋਇਆ ਸੀ। ਕਰੂ ਮੈਂਬਰਾਂ ਨੇ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਪਾਇਲਟ ਅਤੇ ਸੁਰੱਖਿਆ ਏਜੰਸੀਆਂ ਨੂੰ ਇਸ ਦੀ ਸੂਚਨਾ ਦਿੱਤੀ।

ਸੁਰੱਖਿਆ ਦੇ ਮੱਦੇਨਜ਼ਰ ਪਾਇਲਟ ਨੇ ਜਹਾਜ਼ ਨੂੰ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਮੋੜ ਲਿਆ, ਜਿੱਥੇ ਇਸ ਦੀ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਜਹਾਜ਼ ਉਤਰਦਿਆਂ ਹੀ ਸਾਰੇ 32 ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸੁਰੱਖਿਆ ਏਜੰਸੀਆਂ ਵੱਲੋਂ ਜਹਾਜ਼ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।