ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ: ਪ੍ਰਾਈਵੇਟ ਸਕੂਲ ਫ਼ੀਸ ਵਾਧੇ ’ਤੇ ਲੱਗੇਗੀ ਲਗਾਮ, ਆਊਟਸੋਰਸ ਮੁਲਾਜ਼ਮਾਂ ਲਈ ਵੀ ਅਹਿਮ ਫ਼ੈਸਲਾ

ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਅਤੇ ਲੋਕ-ਹਿੱਤ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ ’ਤੇ ਮੋਹਰ ਲਗਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਅਤੇ ਸੂਬੇ ਦੀ ਤਰੱਕੀ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ

ਕੈਬਨਿਟ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਵਿੱਚ ਬੇਲੋੜੇ ਵਾਧੇ ਨੂੰ ਰੋਕਣ ਲਈ ‘ਫ਼ੀਸ ਰੈਗੂਲੇਸ਼ਨ ਸੋਧ ਬਿੱਲ 2026’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਕੂਲ ਫ਼ੀਸ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਆਵੇਗੀ

ਇਸ ਤੋਂ ਇਲਾਵਾ, ਪਿਛਲੇ 5 ਸਾਲਾਂ ਤੋਂ ਲਗਾਤਾਰ ਸੇਵਾਵਾਂ ਨਿਭਾ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਸਬੰਧੀ ਵੀ ਵੱਡਾ ਫ਼ੈਸਲਾ ਕੀਤਾ ਗਿਆ ਹੈ। ਇਸ ਕਦਮ ਨਾਲ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਨੂੰ ਵਧੇਰੇ ਸਥਿਰਤਾ ਮਿਲਣ ਦੀ ਉਮੀਦ ਹੈ

ਕੈਬਨਿਟ ਨੇ ਸੂਬੇ ਵਿੱਚ ਹਰਿਆਵਲ ਵਧਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ‘ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ 2026’ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਮਿਆਰੀ ਸਿੱਖਿਆ ਨੂੰ ਉਤਸ਼ਾਹ ਦੇਣ ਲਈ 3 ਨਵੀਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ

ਮੀਟਿੰਗ ਦੌਰਾਨ ਅੰਮ੍ਰਿਤਸਰ ਵਿੱਚ ਨਵੇਂ ਤਰਸਿੱਕਾ ਬਲਾਕ ਦੀ ਸਥਾਪਨਾ, ਲੋਕ ਨਿਰਮਾਣ ਵਿਭਾਗ (PWD) ਵਿੱਚ ਨਵੀਆਂ ਭਰਤੀਆਂ, ਵੈਟਰਨਰੀ ਕਾਮਿਆਂ ਦੇ ਕਾਰਜਕਾਲ ਵਿੱਚ ਵਾਧੇ ਅਤੇ GST ਤੇ ਪੰਚਾਇਤੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਨਾਲ ਜੁੜੇ ਫ਼ੈਸਲੇ ਵੀ ਲਏ ਗਏ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਦੇ ਇਹ ਫ਼ੈਸਲੇ ਸਿੱਖਿਆ, ਰੋਜ਼ਗਾਰ, ਵਾਤਾਵਰਣ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣਗੇ