Breaking News
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹੇ ਕੇਂਦਰ ਸਰਕਾਰ: ‘ਆਪ’

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹੇ ਕੇਂਦਰ ਸਰਕਾਰ: ‘ਆਪ’

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ। ਪਾਰਟੀ ਨੇ ਕਿਹਾ ਕਿ ਲਾਂਘਾ ਲੰਮੇ ਸਮੇਂ ਤੋਂ ਬੰਦ ਹੋਣ ਕਾਰਨ ਦੇਸ਼-ਵਿਦੇਸ਼ ਦੀ ਸੰਗਤ ਨੂੰ ਧਾਰਮਿਕ ਭਾਵਨਾਵਾਂ ਨਾਲ ਜੁੜੀ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਸਬੰਧੀ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਚੁੱਕੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਹੋਰ ਦੇਰੀ ਕੀਤੇ ਲਾਂਘਾ ਖੋਲ੍ਹਣ ਦਾ ਫ਼ੈਸਲਾ ਲਿਆ ਜਾਵੇ।

ਕੰਗ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਬੇਹੱਦ ਮਹੱਤਵਪੂਰਨ ਇਤਿਹਾਸਕ ਅਤੇ ਧਾਰਮਿਕ ਅਸਥਾਨ ਹੈ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਕਈ ਅਹਿਮ ਵਰ੍ਹੇ ਬਿਤਾਏ ਅਤੇ ਮਨੁੱਖਤਾ ਨੂੰ ਕਿਰਤ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦੀ ਇੱਛਾ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।

ਡੇਰਾ ਬਾਬਾ ਨਾਨਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਰ ਮਹੀਨੇ ਦੀ 15 ਤਾਰੀਖ ਨੂੰ ਸਿੱਖ ਸੰਗਤ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਅਰਦਾਸਾਂ ਅਤੇ ਅਪੀਲਾਂ ਦੇ ਬਾਵਜੂਦ ਸੰਗਤ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਵਾਂਝਾ ਰੱਖਣਾ ਦੁਖਦਾਈ ਹੈ।

ਧਾਲੀਵਾਲ ਨੇ ਲਾਂਘਾ ਬੰਦ ਰੱਖਣ ਲਈ ਦਿੱਤੀਆਂ ਜਾ ਰਹੀਆਂ ਸੁਰੱਖਿਆ ਕਾਰਨਾਂ ਦੀਆਂ ਦਲੀਲਾਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਜੇਕਰ ਸੁਰੱਖਿਆ ਕਾਰਨਾਂ ਕਰਕੇ ਪਾਕਿਸਤਾਨ ਨਾਲ ਆਵਾਜਾਈ ਅਤੇ ਸੰਪਰਕ ‘ਤੇ ਪਾਬੰਦੀਆਂ ਹਨ, ਤਾਂ ਗੁਜਰਾਤ ਦੀਆਂ ਬੰਦਰਗਾਹਾਂ ਸਮੇਤ ਹੋਰ ਰਸਤਿਆਂ ਰਾਹੀਂ ਵਪਾਰਕ ਗਤੀਵਿਧੀਆਂ ਕਿਵੇਂ ਜਾਰੀ ਹਨ?

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਦੋਂ ਵਪਾਰਕ ਗਤੀਵਿਧੀਆਂ ਜਾਰੀ ਰਹਿ ਸਕਦੀਆਂ ਹਨ ਤਾਂ ਸਿੱਖ ਸ਼ਰਧਾਲੂਆਂ ਨੂੰ ਆਪਣੇ ਪਵਿੱਤਰ ਧਾਰਮਿਕ ਅਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣਾ ਚਾਹੀਦਾ ਹੈ।