ਚੰਡੀਗੜ੍ਹ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਪਤਨੀ ਸਮੇਤ ਅਕਾਲੀ ਦਲ ਵਿੱਚ ਸ਼ਾਮਲ - Punjab Nation TV

ਚੰਡੀਗੜ੍ਹ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਪਤਨੀ ਸਮੇਤ ਅਕਾਲੀ ਦਲ ਵਿੱਚ ਸ਼ਾਮਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਚੰਡੀਗੜ੍ਹ ਵਿੱਚ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਆਪਣੀ ਪਤਨੀ ਅਤੇ ਚੰਡੀਗੜ੍ਹ ਨਗਰ ਨਿਗਮ ਦੀ ਸਾਬਕਾ ਕੌਂਸਲਰ ਬੀਬੀ ਰਵਿੰਦਰ ਕੌਰ ਗੁਜਰਾਲ ਸਮੇਤ ਆਪਣੇ ਸਮਰਥਕਾਂ ਨਾਲ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਗੁਜਰਾਲ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿੱਲੀ ਨੇ ਇਸ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕਿਹਾ ਕਿ ਅਮਰਜੀਤ ਸਿੰਘ ਗੁਜਰਾਲ ਦੇ ਪਾਰਟੀ ਵਿੱਚ ਆਉਣ ਨਾਲ ਚੰਡੀਗੜ੍ਹ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਗੁਜਰਾਲ ਦੇ ਤਜਰਬੇ ਅਤੇ ਉਨ੍ਹਾਂ ਨਾਲ ਜੁੜੇ ਸਮਰਥਕਾਂ ਦੀ ਸ਼ਮੂਲੀਅਤ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਦੇਵੇਗੀ।

ਪਾਰਟੀ ਵੱਲੋਂ ਵੀ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਗਿਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਬੀਬੀ ਰਵਿੰਦਰ ਕੌਰ ਗੁਜਰਾਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ।