ਚੰਡੀਗੜ੍ਹ, 8 ਜੂਨ: ਪੰਜਾਬ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਅੱਜ ਚੰਡੀਗੜ੍ਹ ਵਿੱਚ ਕਰਵਾਏ ਗਏ ਨਿਯੁਕਤੀ ਪੱਤਰ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ 355 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਉਨ੍ਹਾਂ ਦੀ ਮਿਹਨਤ ਦਾ ਫਲ ਮਿਲਿਆ ਹੈ ਅਤੇ ਇਹ ਨੌਕਰੀ ਉਨ੍ਹਾਂ ਦੇ ਪੇਸ਼ੇਵਰ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਦਾਖਲ ਹੋਣ ਵਾਲੇ ਇਹ ਨੌਜਵਾਨ ਪੰਜਾਬ ਦੀ ਤਰੱਕੀ ਅਤੇ ਲੋਕ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਇਮਾਨਦਾਰੀ, ਲਗਨ ਅਤੇ ਦ੍ਰਿੜ ਇਰਾਦੇ ਨਾਲ ਮਿਹਨਤ ਕਰਦਾ ਹੈ ਤਾਂ ਉਸ ਨੂੰ ਉਸ ਦੀ ਮਿਹਨਤ ਦਾ ਫਲ ਜ਼ਰੂਰ ਮਿਲਦਾ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਮਿਸ਼ਨ ਰੁਜ਼ਗਾਰ ਤਹਿਤ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ‘ਤੇ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।
