ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਕਿਸਾਨੀ ਅਤੇ ਲੋਕਤੰਤਰ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਦਿਆਂ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ’ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਕਰੀਬ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ, ਇਸ ਪਹਿਲਕਦਮੀ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਵਿੱਚ ਮਦਦ ਮਿਲੀ ਹੈ।
ਨਹਿਰੀ ਪਾਣੀ ਨਾਲ ਝੋਨੇ ਦੇ ਝਾੜ ਵਿੱਚ ਵਾਧੇ ਦਾ ਦਾਅਵਾ
ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਨੂੰ ਮਿਨਰਲਜ਼ ਨਾਲ ਭਰਪੂਰ ਨਹਿਰੀ ਪਾਣੀ ਮਿਲਣ ਕਾਰਨ ਇਸ ਵਾਰ ਝੋਨੇ ਦਾ ਝਾੜ ਲੱਗਭਗ 90 ਮਣ ਪ੍ਰਤੀ ਏਕੜ ਤੱਕ ਪਹੁੰਚ ਗਿਆ ਹੈ। ਉਨ੍ਹਾਂ ਇਸ ਨੂੰ ਕਿਸਾਨੀ ਲਈ ਕੀਤੇ ਜਾ ਰਹੇ ਯਤਨਾਂ ਦਾ ਅਹਿਮ ਨਤੀਜਾ ਦੱਸਿਆ।
ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਮਕਸਦ ਖੇਤੀਬਾੜੀ ਲਈ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣਾ ਅਤੇ ਪਾਣੀ ਦੇ ਸਰੋਤਾਂ ਦੀ ਸੰਭਾਲ ਕਰਨਾ ਹੈ।
ਲੋਕਤੰਤਰ ਦੀ ਰਾਖੀ ਲਈ ਵਿਧਾਨ ਸਭਾ ’ਚ ਅਹਿਮ ਮਤਾ
ਮੁੱਖ ਮੰਤਰੀ ਨੇ ਲੋਕਤੰਤਰ ਨਾਲ ਜੁੜੇ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਲੋਕਤੰਤਰ ਵਿਰੋਧੀ ਅਤੇ ਧੱਕੇਸ਼ਾਹੀ ਵਾਲੇ ਕਾਨੂੰਨਾਂ ਖ਼ਿਲਾਫ਼ ਇੱਕ ਅਹਿਮ ਮਤਾ ਪੇਸ਼ ਕਰਕੇ ਦੇਸ਼ ਵਿੱਚ ਪਹਿਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਤਾ ਅਜੇ ਤੱਕ ਲੋਕ ਸਭਾ ਜਾਂ ਰਾਜ ਸਭਾ ਵਿੱਚ ਵੀ ਪੇਸ਼ ਨਹੀਂ ਹੋਇਆ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਜ਼ੁਲਮ ਅਤੇ ਧੱਕੇਸ਼ਾਹੀ ਵਿਰੁੱਧ ਡਟ ਕੇ ਖੜ੍ਹਨ ਦਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਰਾਖੀ ਲਈ ਆਪਣੀ ਆਵਾਜ਼ ਇਸੇ ਤਰ੍ਹਾਂ ਬੁਲੰਦ ਕਰਦੀ ਰਹੇਗੀ
