ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਜਗਰਾਓਂ ਅਧੀਨ ਪੈਂਦੇ ਪਿੰਡ ਕਮਾਲਪੁਰਾ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਸਰਪੰਚ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣ ਦਾ ਕੀਤਾ ਜ਼ਿਕਰ
ਕਿਸਾਨੀ ਪਿਛੋਕੜ ਦਾ ਹਵਾਲਾ ਦਿੰਦਿਆਂ CM ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਇੱਕ ਆਮ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਮੁਤਾਬਕ, ਕਿਸਾਨਾਂ ਨੂੰ ਰਾਤ ਸਮੇਂ ਖੇਤਾਂ ਵਿੱਚ ਜਾ ਕੇ ਕੰਮ ਕਰਨ ਦੀ ਖੱਜਲ-ਖੁਆਰੀ ਤੋਂ ਬਚਾਉਣ ਲਈ ਖੇਤੀਬਾੜੀ ਮੋਟਰਾਂ ਵਾਸਤੇ ਰਾਤ ਦੀ ਬਜਾਏ ਦਿਨ ਵੇਲੇ ਬਿਜਲੀ ਸਪਲਾਈ ਦੇਣ ਦੀ ਵਿਵਸਥਾ ਕੀਤੀ ਗਈ ਹੈ।
ਮਾਵਾਂ-ਭੈਣਾਂ ਨੂੰ ਸਨਮਾਨ ਰਾਸ਼ੀ ਬਾਰੇ ਦਿੱਤਾ ਸੰਕੇਤ
ਮੁੱਖ ਮੰਤਰੀ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਬੈਂਕ ਖਾਤੇ ਅਤੇ ATM ਕਾਰਡ ਤਿਆਰ ਰੱਖਣ, ਕਿਉਂਕਿ ਸਨਮਾਨ ਰਾਸ਼ੀ ਜਲਦ ਹੀ ਉਨ੍ਹਾਂ ਦੇ ਖਾਤਿਆਂ ਵਿੱਚ ਆਵੇਗੀ। ਇਸ ਬਿਆਨ ਨਾਲ ਉਨ੍ਹਾਂ ਨੇ ਔਰਤਾਂ ਨੂੰ ਪ੍ਰਸਤਾਵਿਤ ਰਾਸ਼ੀ ਦੇ ਖਾਤਿਆਂ ਵਿੱਚ ਆਉਣ ਦੀ ਉਮੀਦ ਬਾਰੇ ਜਾਣਕਾਰੀ ਦਿੱਤੀ।
ਵਿਰੋਧੀਆਂ ‘ਤੇ ਨਿਸ਼ਾਨਾ, ਪੰਜਾਬ ਦੀ ਤਰੱਕੀ ਨੂੰ ਦੱਸਿਆ ਮੁੱਖ ਟੀਚਾ
ਸਿਆਸੀ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ CM ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਧਿਆਨ ਕੁਰਸੀ ਦੀ ਲੜਾਈ ‘ਤੇ ਹੈ, ਜਦਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਹੈ
