
ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਮਾਨ ਸਰਕਾਰ ਦਾ ਵੱਡਾ ਤੋਹਫ਼ਾ
ਚੰਡੀਗੜ੍ਹ: ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਕਾਇਆ ਬਿਜਲੀ ਬਿੱਲਾਂ ਦੇ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ (OTS) ਸਕੀਮ ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਲੱਖਾਂ ਪਰਿਵਾਰਾਂ ਨੂੰ ਬਕਾਇਆ ਬਿੱਲਾਂ ਉੱਤੇ ਲੱਗੇ ਵਿਆਜ ਅਤੇ ਪੈਨਲਟੀ ਤੋਂ ਛੋਟ ਮਿਲੇਗੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 31 ਮਾਰਚ 2026 ਤੱਕ ਦੇ ਬਕਾਇਆ ਬਿਜਲੀ ਬਿੱਲਾਂ ‘ਤੇ ਲੱਗੀ ਪੈਨਲਟੀ ਅਤੇ ਵਿਆਜ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤਾ ਗਿਆ ਹੈ। ਇਸ ਨਾਲ ਖਪਤਕਾਰਾਂ ਨੂੰ ਹੁਣ ਸਿਰਫ਼ ਬਿਜਲੀ ਬਿੱਲ ਦੀ ਮੂਲ ਰਕਮ ਹੀ ਅਦਾ ਕਰਨੀ ਪਵੇਗੀ
25 ਫ਼ੀਸਦੀ ਰਕਮ ਪਹਿਲਾਂ, ਬਾਕੀ ਦੋ ਕਿਸ਼ਤਾਂ ਵਿੱਚ
OTS ਸਕੀਮ ਤਹਿਤ ਖਪਤਕਾਰਾਂ ਨੂੰ ਭੁਗਤਾਨ ਕਰਨ ਲਈ ਵੀ ਆਸਾਨ ਸਹੂਲਤ ਦਿੱਤੀ ਗਈ ਹੈ। ਬਕਾਇਆ ਮੂਲ ਰਕਮ ਦਾ 25 ਫ਼ੀਸਦੀ ਹਿੱਸਾ ਪਹਿਲਾਂ ਜਮ੍ਹਾਂ ਕਰਵਾਉਣਾ ਹੋਵੇਗਾ, ਜਦਕਿ ਬਾਕੀ 75 ਫ਼ੀਸਦੀ ਰਕਮ ਇੱਕ ਸਾਲ ਦੇ ਅੰਦਰ ਦੋ ਆਸਾਨ ਕਿਸ਼ਤਾਂ ਰਾਹੀਂ ਅਦਾ ਕੀਤੀ ਜਾ ਸਕੇਗੀ
24 ਲੱਖ ਤੋਂ ਵੱਧ ਪਰਿਵਾਰਾਂ ਨੂੰ ਹੋਵੇਗਾ ਫਾਇਦਾ
ਮੁੱਖ ਮੰਤਰੀ ਮੁਤਾਬਕ ਇਸ ਫੈਸਲੇ ਨਾਲ ਪੰਜਾਬ ਦੇ 24 ਲੱਖ ਤੋਂ ਵੱਧ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਰਾਹਤ ਦੀ ਕੁੱਲ ਕੀਮਤ 518 ਕਰੋੜ ਰੁਪਏ ਦੱਸੀ ਗਈ ਹੈ।
ਇਸ ਤੋਂ ਇਲਾਵਾ, ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਬਕਾਇਆ ਬਿੱਲਾਂ ਕਾਰਨ ਕੱਟੇ ਗਏ ਸਨ, ਉਨ੍ਹਾਂ ਨੂੰ ਵੀ ਮੁੜ ਕੁਨੈਕਸ਼ਨ ਬਹਾਲ ਕਰਵਾਉਣ ਦਾ ਮੌਕਾ ਮਿਲੇਗਾ
‘ਲੋਕਾਂ ਦੀ ਆਪਣੀ ਸਰਕਾਰ ਹੈ’ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੰਦੀ ਹੈ ਅਤੇ ਹਰ ਵਰਗ ਨੂੰ ਰਾਹਤ ਦੇਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਦਾ ਮਕਸਦ ਲੋਕਾਂ ਉੱਤੇ ਪਏ ਵਿੱਤੀ ਬੋਝ ਨੂੰ ਘਟਾਉਣਾ ਅਤੇ ਉਨ੍ਹਾਂ ਨੂੰ ਮੁੜ ਰਾਹਤ ਦੇਣਾ ਹੈ।



