
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ? ਕੇਂਦਰ ਸਰਕਾਰ ਤੋਂ ਮੰਗੀ ਇਜਾਜ਼ਤ
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦੇ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ 24 ਨਵੰਬਰ ਨੂੰ ਇੱਕ ਦਿਨ ਦੇ ਦੌਰੇ ਲਈ ਸਿਆਸੀ ਮਨਜ਼ੂਰੀ ਮੰਗੀ ਹੈ।
ਮੁੱਖ ਮੰਤਰੀ ਵੱਲੋਂ ਪ੍ਰਸਤਾਵ ਰੱਖਿਆ ਗਿਆ ਹੈ ਕਿ ਉਹ ਇੱਕ ਵਫ਼ਦ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ ਅਤੇ ਉਸੇ ਦਿਨ ਵਾਪਸ ਪਰਤਣਗੇ। ਇਸ ਦੌਰੇ ਲਈ ਉਨ੍ਹਾਂ ਨੇ ਪਹਿਲਾਂ ਕਰਤਾਰਪੁਰ ਲਾਂਘੇ ਦੀ ਵਰਤੋਂ ਕਰਨ ਦੀ ਇਜਾਜ਼ਤ ਮੰਗੀ ਹੈ। ਜੇਕਰ ਲਾਂਘਾ ਖੋਲ੍ਹਣਾ ਸੰਭਵ ਨਹੀਂ ਹੁੰਦਾ ਤਾਂ ਉਨ੍ਹਾਂ ਨੇ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਣ ਦਾ ਵਿਕਲਪ ਵੀ ਸੁਝਾਇਆ ਹੈ।
ਮਈ 2025 ਤੋਂ ਬੰਦ ਪਿਆ ਹੈ ਕਰਤਾਰਪੁਰ ਲਾਂਘਾ
ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਕਾਰਨ ਮਈ 2025 ਤੋਂ ਕਰਤਾਰਪੁਰ ਲਾਂਘੇ ਰਾਹੀਂ ਆਵਾਜਾਈ ਬੰਦ ਹੈ। ਇਸ ਕਾਰਨ ਭਾਰਤੀ ਸ਼ਰਧਾਲੂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਇਸ ਵਿਸ਼ੇਸ਼ ਰਸਤੇ ਦੀ ਵਰਤੋਂ ਨਹੀਂ ਕਰ ਸਕ ਰਹੇ।
ਨਵੰਬਰ 2019 ਵਿੱਚ ਸ਼ੁਰੂ ਹੋਏ ਇਸ ਲਾਂਘੇ ਰਾਹੀਂ ਭਾਰਤੀ ਸ਼ਰਧਾਲੂ ਬਿਨਾਂ ਵੀਜ਼ੇ ਦੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਪਹੁੰਚ ਸਕਦੇ ਸਨ। ਇਹ ਉਹ ਪਵਿੱਤਰ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਵਰ੍ਹੇ ਬਿਤਾਏ ਸਨ।
ਪੰਜਾਬ ਵਿਧਾਨ ਸਭਾ ਵਿੱਚ ਵੀ ਲਾਂਘਾ ਖੋਲ੍ਹਣ ਦੀ ਉੱਠੀ ਮੰਗ
ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਵੀ ਆਵਾਜ਼ ਉੱਠ ਚੁੱਕੀ ਹੈ। 27 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਗਈ ਸੀ। ਸਿੱਖ ਸੰਗਤ ਲੰਬੇ ਸਮੇਂ ਤੋਂ ਇਸ ਪਵਿੱਤਰ ਅਸਥਾਨ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਮੰਗ ਕਰ ਰਹੀ ਹੈ



