ਫ਼ਿਲੌਰ: ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਅਕੈਡਮੀ, ਫ਼ਿਲੌਰ ਵਿਖੇ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਹਿੰਮ ਦੀ ਪ੍ਰਗਤੀ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਪੁਲਿਸ ਵਿਭਾਗ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ। ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ ਹੈ ਅਤੇ ਇਸ ਨੂੰ ਇੱਕ ਵੱਡੀ ਲੋਕ ਲਹਿਰ ਦਾ ਰੂਪ ਦੇਣਾ ਚਾਹੀਦਾ ਹੈ।
DSPs ਲਈ 117 ਨਵੇਂ ਵਾਹਨਾਂ ਨੂੰ ਮਨਜ਼ੂਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ DSP ਪੱਧਰ ਦੇ ਅਧਿਕਾਰੀਆਂ ਲਈ 117 ਨਵੀਆਂ ਗੱਡੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਬਿਨਾਂ ਕਿਸੇ ਸਿਆਸੀ ਸਿਫ਼ਾਰਸ਼ ਜਾਂ ਦਖ਼ਲਅੰਦਾਜ਼ੀ ਦੇ ਕੰਮ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ।
‘ਨਸ਼ਿਆਂ ਵਿਰੁੱਧ ਲੜਾਈ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ’
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸੂਬੇ ਨੂੰ ਇਸ ਸਮਾਜਿਕ ਬੁਰਾਈ ਤੋਂ ਮੁਕਤ ਕਰਨਾ ਸਰਕਾਰ ਦੀ ਅਹਿਮ ਤਰਜੀਹ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪੁਲਿਸ ਦੀ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਕਲੰਕ ਨੂੰ ਖ਼ਤਮ ਕਰਨ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਇਨਸਾਫ਼ ਤੇ ਖ਼ੁਸ਼ਹਾਲੀ ਵਾਲੇ ਪੰਜਾਬ ਦੀ ਮੁੜ ਸਿਰਜਣਾ ਕਰਨ ਦਾ ਸੱਦਾ ਵੀ ਦਿੱਤਾ।
