ਹਰਮਨਪ੍ਰੀਤ ਦੀ ਕਪਤਾਨੀ ਨੂੰ CM ਮਾਨ ਨੇ ਦਿੱਤੀ ਦਾਦ, ਕਿਹਾ- ਤੁਸੀਂ ਭਾਰਤ ਦਾ ਨਾਮ ਰੌਸ਼ਨ ਕੀਤਾ

ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਹਰਮਨਪ੍ਰੀਤ ਕੌਰ ਦੀ ਸੇਵਾਮੁਕਤੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕੀਤਾ ਹੈ।

CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਹਰਮਨਪ੍ਰੀਤ ਕੌਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਵਿਸ਼ਵ ਪੱਧਰ ’ਤੇ ਕਈ ਉਪਲਬਧੀਆਂ ਹਾਸਲ ਕੀਤੀਆਂ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਦੀ ਕਪਤਾਨੀ ਨੇ ਭਾਰਤੀ ਮਹਿਲਾ ਕ੍ਰਿਕਟ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਅਗਵਾਈ ਵਿੱਚ ਟੀਮ ਨੇ ਕਈ ਵੱਡੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।

‘ਪੂਰੇ ਪੰਜਾਬ ਨੂੰ ਆਪਣੀ ਧੀ ’ਤੇ ਮਾਣ’

CM ਮਾਨ ਨੇ ਹਰਮਨਪ੍ਰੀਤ ਕੌਰ ਨੂੰ ‘ਪੰਜਾਬ ਦੀ ਧੀ’ ਦੱਸਦਿਆਂ ਕਿਹਾ ਕਿ ਪੂਰੇ ਪੰਜਾਬ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਨੇ ਆਪਣੀ ਮਿਹਨਤ, ਜਜ਼ਬੇ ਅਤੇ ਖੇਡ ਪ੍ਰਤੀ ਸਮਰਪਣ ਨਾਲ ਦੇਸ਼ ਅਤੇ ਪੰਜਾਬ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ।

ਮੁੱਖ ਮੰਤਰੀ ਨੇ ਹਰਮਨਪ੍ਰੀਤ ਕੌਰ ਦੀ ਇੱਕ ਖਿਡਾਰੀ ਵਜੋਂ ਅਗਲੀ ਪਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।