Breaking News
ਕਾਦੀਆਂ ਦੀ ‘ਲੋਕ ਮਿਲਣੀ’ ਵਿੱਚ CM ਭਗਵੰਤ ਮਾਨ ਨੂੰ ਮਿਲਿਆ ਭਰਵਾਂ ਹੁੰਗਾਰਾ

ਕਾਦੀਆਂ ਦੀ ‘ਲੋਕ ਮਿਲਣੀ’ ਵਿੱਚ CM ਭਗਵੰਤ ਮਾਨ ਨੂੰ ਮਿਲਿਆ ਭਰਵਾਂ ਹੁੰਗਾਰਾ

ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਲੋਕਾਂ ਵੱਲੋਂ ਮਿਲੇ ਭਰਵੇਂ ਪਿਆਰ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਪਿਆਰ ਉਨ੍ਹਾਂ ਨੂੰ ਹੋਰ ਵੀ ਹੌਸਲਾ ਅਤੇ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦਾ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣਾ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਟੇਜਾਂ ‘ਤੇ ਖੜ੍ਹੇ ਹੋ ਕੇ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਵਿਚਕਾਰ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ ‘ਤੇ ਹੀ ਹੱਲ ਕਰਨਾ ਹੈ।

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ, ਆਪਣੀ ਸਰਕਾਰ ਦੀਆਂ ਗਿਣਾਈਆਂ ਪ੍ਰਾਪਤੀਆਂ

CM ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਤੰਜ ਕੱਸਦਿਆਂ ਕਿਹਾ ਕਿ ਪਹਿਲਾਂ ਸੱਤਾ ਵਿੱਚ ਰਹੇ ਲੋਕਾਂ ਨੇ ਆਪਣੀਆਂ ਤਿਜੋਰੀਆਂ ਭਰਨ ਨੂੰ ਤਰਜੀਹ ਦਿੱਤੀ, ਜਦਕਿ ਮੌਜੂਦਾ ਸਰਕਾਰ ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਖਰਚ ਕਰ ਰਹੀ ਹੈ।

ਉਨ੍ਹਾਂ ਆਪਣੀ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਮੁਫ਼ਤ ਬਿਜਲੀ ਦੀ ਸਹੂਲਤ, 71,700 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਨੂੰ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਦੱਸਿਆ।

ਪਿੰਡ ਸੋਹਲ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਸੌਂਪਿਆ


ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਸੋਹਲ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਅਤ ਅਤੇ ਖਜ਼ਾਨਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਸਾਫ਼ ਹੈ।

ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਅਤੇ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰਦੀ ਰਹੇਗੀ।