ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰ-ਹਾਜ਼ਿਰ ਰਹਿਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ, ਅਧਿਕਾਰੀਆਂ ਨੂੰ ਦਿੱਤੇ ਗਏ ਸਖ਼ਤ ਨਿਰਦੇਸ਼
ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੜਤਾਲ ‘ਤੇ ਚੱਲ ਰਹੇ ਅਤੇ ਡਿਊਟੀ ਤੋਂ ਗੈਰ-ਹਾਜ਼ਿਰ ਰਹਿਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੈ। ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਗੈਰ-ਮੌਜੂਦਗੀ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।
ਸਰਕਾਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਡਿਊਟੀ ‘ਤੇ ਨਾ ਆਉਣ ਵਾਲੇ ਕਰਮਚਾਰੀਆਂ ਦੀ ਪੂਰੀ ਜਾਣਕਾਰੀ ਇਕੱਠੀ ਕਰਕੇ ਸੂਚੀ ਤਿਆਰ ਕਰਨ। ਇਸ ਵਿੱਚ ਉਹ ਕਰਮਚਾਰੀ ਸ਼ਾਮਲ ਹੋਣਗੇ ਜੋ ਬਿਨਾਂ ਕਿਸੇ ਮਨਜ਼ੂਰੀ ਦੇ ਆਪਣੀ ਡਿਊਟੀ ਤੋਂ ਗੈਰ-ਹਾਜ਼ਿਰ ਰਹੇ ਹਨ।
ਜਾਣਕਾਰੀ ਮੁਤਾਬਕ, ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਰਕਾਰੀ ਸੇਵਾਵਾਂ ਆਮ ਲੋਕਾਂ ਲਈ ਲਗਾਤਾਰ ਜਾਰੀ ਰਹਿਣੀਆਂ ਚਾਹੀਦੀਆਂ ਹਨ। ਕਿਸੇ ਵੀ ਕਰਮਚਾਰੀ ਦੀ ਲਾਪਰਵਾਹੀ ਕਾਰਨ ਲੋਕਾਂ ਨੂੰ ਪਰੇਸ਼ਾਨੀ ਨਾ ਝੱਲਣੀ ਪਵੇ, ਇਸ ਲਈ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਸਰਕਾਰ ਵੱਲੋਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਡਿਊਟੀ ਵਿੱਚ ਲਾਪਰਵਾਹੀ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਦਫ਼ਤਰਾਂ ਦਾ ਕੰਮਕਾਜ ਸੁਚਾਰੂ ਢੰਗ ਨਾਲ ਚਲਾਇਆ ਜਾਵੇ।
ਦੱਸਿਆ ਜਾ ਰਿਹਾ ਹੈ ਕਿ ਹੜਤਾਲ ਦੇ ਮੱਦੇਨਜ਼ਰ ਸਰਕਾਰ ਵੱਲੋਂ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ

