ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿਖੇ ਪਿੰਡ ਵਾਸੀਆਂ ਦੀ ਸੂਚਨਾ ’ਤੇ ਖੁਦ ਮੌਕੇ ’ਤੇ ਪਹੁੰਚ ਕੇ ਇੱਕ ਕਥਿਤ ਨਸ਼ਾ ਤਸਕਰ ਨੂੰ ਨਸ਼ਾ ਸਪਲਾਈ ਕਰਦਿਆਂ ਰੰਗੇ ਹੱਥੀਂ ਕਾਬੂ ਕਰਵਾ ਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਮੌਕੇ ਡੀਐਸਪੀ ਜੰਗਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।
ਸਿਹਤ ਮੰਤਰੀ ਨੇ ਪੁਲਿਸ ਨੂੰ ਸਖ਼ਤ ਹਦਾਇਤ ਕੀਤੀ ਕਿ ਤਸਕਰਾਂ ਨਾਲ ਕੋਈ ਨਰਮੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਬਖ਼ਸ਼ੀਸ਼ਰੀ ਦੀ ਕੋਈ ਗੁੰਜਾਇਸ਼ ਨਹੀਂ ਹੈ।
ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਿੱਥੇ ਤਸਕਰਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ, ਉੱਥੇ ਹੀ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਉਨ੍ਹਾਂ ਦਾ ਮੁਫ਼ਤ ਇਲਾਜ, ਹੁਨਰਮੰਦ ਸਿਖਲਾਈ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।
ਆਖ਼ਿਰ ਵਿੱਚ, ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਲੋਕਾਂ ਨੂੰ ਅੱਗੇ ਆਉਣ ਅਤੇ ਨਸ਼ਾ ਤਸਕਰਾਂ ਦੀ ਸੂਚਨਾ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸੂਬੇ ਨੂੰ ਇਸ ਲਾਹਨਤ ਤੋਂ ਮੁਕਤ ਕੀਤਾ ਜਾ ਸਕੇ।
