ਕੈਨੇਡਾ ਦੇ ਨਵੇਂ ਵਰਕ ਪਰਮਿਟ ਨਿਯਮਾਂ ਨਾਲ ਪ੍ਰਭਾਵਿਤ ਪੰਜਾਬੀ ਨੌਜਵਾਨਾਂ ਦੇ ਹੱਕ ’ਚ ਡਟੇ ਮੰਤਰੀ ਡਾ. ਰਵਜੋਤ ਸਿੰਘ

ਚੰਡੀਗੜ੍ਹ: ਕੈਨੇਡਾ ਵੱਲੋਂ ਵਰਕ ਪਰਮਿਟ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਦੀ ਪਹਿਲ ਕੀਤੀ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਮਾਮਲੇ ’ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਕੈਨੇਡਾ ਵਿੱਚ ਪ੍ਰਭਾਵਿਤ ਹੋ ਰਹੇ ਪੰਜਾਬੀ ਵਿਦਿਆਰਥੀਆਂ ਅਤੇ ਨੌਜਵਾਨਾਂ ਦੀਆਂ ਪਰੇਸ਼ਾਨੀਆਂ ਬਾਰੇ ਚਰਚਾ ਕਰਨ ਦੀ ਇੱਛਾ ਜਤਾਈ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਕੈਨੇਡਾ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਦੇ ਸੁਪਨੇ ਲੈ ਕੇ ਗਏ ਕਈ ਪੰਜਾਬੀ ਨੌਜਵਾਨ ਨਵੇਂ ਨਿਯਮਾਂ ਕਾਰਨ ਅਸਮੰਜਸ ਦੀ ਸਥਿਤੀ ਵਿੱਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਵੱਲੋਂ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਨੀ ਜ਼ਰੂਰੀ ਹੈ।

ਮੰਤਰੀ ਨੇ ਆਪਣੇ ਪੱਤਰ ਵਿੱਚ ਪੰਜਾਬ ਦੇ ਉਹਨਾਂ ਪਰਿਵਾਰਾਂ ਦੀਆਂ ਚਿੰਤਾਵਾਂ ਦਾ ਵੀ ਜ਼ਿਕਰ ਕੀਤਾ ਹੈ, ਜਿਨ੍ਹਾਂ ਦੇ ਬੱਚੇ ਵਿਦੇਸ਼ ਵਿੱਚ ਆਪਣੇ ਭਵਿੱਖ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਨੂੰ ਢੁੱਕਵੇਂ ਪੱਧਰ ’ਤੇ ਚੁੱਕਿਆ ਜਾਵੇਗਾ।

ਕੈਨੇਡਾ ਵਿੱਚ ਇਮੀਗ੍ਰੇਸ਼ਨ ਅਤੇ ਵਰਕ ਪਰਮਿਟ ਨਾਲ ਜੁੜੀਆਂ ਤਬਦੀਲੀਆਂ ਪਿਛਲੇ ਸਮੇਂ ਦੌਰਾਨ ਭਾਰਤੀ, ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਵਿੱਚ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਮੰਤਰੀ ਵੱਲੋਂ ਕੀਤੀ ਇਹ ਪਹਿਲ ਪ੍ਰਭਾਵਿਤ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਵਜੋਂ ਦੇਖੀ ਜਾ ਰਹੀ ਹੈ