
ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ, ਪਰਗਟ ਸਿੰਘ ਨੂੰ ਸੂਬਾ ਚੋਣ ਕਮੇਟੀ ਦੀ ਸੌਂਪੀ ਕਮਾਨ
42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਚਰਨਜੀਤ ਸਿੰਘ ਚੰਨੀ ਸਮੇਤ ਕਈ ਦਿੱਗਜ ਆਗੂਆਂ ਨੂੰ ਮਿਲੀ ਜਗ੍ਹਾ
ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹੁਣੇ ਤੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੀ ਅਗਵਾਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਸੌਂਪੀ ਗਈ ਹੈ।
ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ, ਕਾਂਗਰਸ ਪ੍ਰਧਾਨ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਕਮੇਟੀ ਦੇ ਗਠਨ ਸਬੰਧੀ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।
ਕਈ ਵੱਡੇ ਚਿਹਰਿਆਂ ਨੂੰ ਮਿਲੀ ਕਮੇਟੀ ਵਿੱਚ ਜਗ੍ਹਾ
ਇਸ ਅਹਿਮ ਕਮੇਟੀ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਆਗੂ ਅੰਬਿਕਾ ਸੋਨੀ, ਸਾਬਕਾ ਉਪ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ, ਸੁਖਜਿੰਦਰ ਸਿੰਘ ਰੰਧਾਵਾ, ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਧਰਮਵੀਰ ਗਾਂਧੀ ਅਤੇ ਕਿਸ਼ੋਰੀ ਲਾਲ ਸ਼ਰਮਾ ਵੀ ਇਸ ਕਮੇਟੀ ਦਾ ਹਿੱਸਾ ਹੋਣਗੇ।
ਇਨ੍ਹਾਂ ਆਗੂਆਂ ਨੂੰ ਵੀ ਕੀਤਾ ਗਿਆ ਸ਼ਾਮਲ
ਕਮੇਟੀ ਵਿੱਚ ਵਿਜੇ ਇੰਦਰ ਸਿੰਗਲਾ, ਸ਼ਮਸ਼ੇਰ ਸਿੰਘ ਦੂਲੋ, ਸੁਖਪਾਲ ਸਿੰਘ ਖਹਿਰਾ, ਸ਼ੇਰ ਸਿੰਘ ਘੁਬਾਇਆ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਸਿੰਘ ਅਤੇ ਓਮ ਪ੍ਰਕਾਸ਼ ਸੋਨੀ ਨੂੰ ਵੀ ਜਗ੍ਹਾ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਸੰਤੋਸ਼ ਚੌਧਰੀ, ਮਾਲਤੀ ਥਾਪਰ, ਰਾਣਾ ਕੇ.ਪੀ. ਸਿੰਘ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਰਣਦੀਪ ਸਿੰਘ ਨਾਭਾ, ਅਵਤਾਰ ਹੈਨਰੀ, ਕੁਸ਼ਲਦੀਪ ਸਿੰਘ ਢਿੱਲੋਂ, ਹਰਦੇਵ ਸਿੰਘ ਲਾਡੀ, ਸੰਦੀਪ ਸਿੰਘ ਸੰਧੂ, ਅਜੀਤਇੰਦਰ ਸਿੰਘ ਮੋਫਰ ਅਤੇ ਇਮੈਨੁਅਲ ਨਹਿਰਾ ਵੀ ਕਮੇਟੀ ਵਿੱਚ ਸ਼ਾਮਲ ਹਨ।
ਇਸ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ AICC ਜਨਰਲ ਸਕੱਤਰ, ਉਨ੍ਹਾਂ ਨਾਲ ਜੁੜੇ AICC ਸਕੱਤਰ ਅਤੇ ਪਾਰਟੀ ਦੇ ਵੱਖ-ਵੱਖ ਫਰੰਟਲ ਸੰਗਠਨਾਂ ਦੇ ਸੂਬਾ ਮੁਖੀ ਵੀ ਇਸ ਕਮੇਟੀ ਦੇ ਅਹੁਦੇ ਦੇ ਆਧਾਰ ‘ਤੇ ਮੈਂਬਰ ਹੋਣਗੇ



