
ਪੰਜਾਬ ਚੋਣਾਂ: AAP ਨੇ ਖੇਡੀ ਪਰਿਵਾਰਕ ਸਿਆਸੀ ਦਾਅ! ਪਿਤਾ-ਪੁੱਤਰ ਨੂੰ ਦੋ ਵੱਖ-ਵੱਖ ਹਲਕਿਆਂ ਤੋਂ ਦਿੱਤੀ ਟਿਕਟ
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਣ ਲੱਗਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ (AAP) ਨੇ ਆਪਣੀ ਚੋਣ ਰਣਨੀਤੀ ਤਹਿਤ ਇੱਕੋ ਪਰਿਵਾਰ ਦੇ ਦੋ ਮੈਂਬਰਾਂ ਨੂੰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਚੱਬੇਵਾਲ ਤੋਂ ਮੌਜੂਦਾ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਮੁੜ ਟਿਕਟ ਦਿੱਤੀ ਹੈ, ਜਦਕਿ ਉਨ੍ਹਾਂ ਦੇ ਪਿਤਾ ਅਤੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ।
ਪਿਤਾ-ਪੁੱਤਰ ਦੀ ਇਸ ਜੋੜੀ ਨੂੰ ਦੋ ਵੱਖ-ਵੱਖ ਹਲਕਿਆਂ ਤੋਂ ਚੋਣ ਮੈਦਾਨ ਵਿੱਚ ਉਤਾਰਨ ਦੇ ਫੈਸਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਦੋਵੇਂ ਆਗੂ ਆਪੋ-ਆਪਣੇ ਹਲਕਿਆਂ ਵਿੱਚ ਪਾਰਟੀ ਦੀ ਚੋਣ ਮੁਹਿੰਮ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੇ।
AAP ਦੀਆਂ ਦੋਵੇਂ ਉਮੀਦਵਾਰ ਸੂਚੀਆਂ ਵਿੱਚ ਹੋਇਆ ਐਲਾਨ
ਆਮ ਆਦਮੀ ਪਾਰਟੀ ਨੇ ਆਪਣੀ ਪਹਿਲੀ ਉਮੀਦਵਾਰ ਸੂਚੀ ਵਿੱਚ ਹੀ ਚੱਬੇਵਾਲ ਤੋਂ ਮੌਜੂਦਾ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਜਾਰੀ ਕੀਤੀ ਗਈ ਦੂਜੀ ਸੂਚੀ ਵਿੱਚ ਪਾਰਟੀ ਨੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਤੋਂ ਚੋਣ ਲੜਾਉਣ ਦਾ ਐਲਾਨ ਕੀਤਾ।
ਇਸ ਤਰ੍ਹਾਂ ਪਾਰਟੀ ਨੇ ਇੱਕੋ ਪਰਿਵਾਰ ਦੇ ਪਿਤਾ ਅਤੇ ਪੁੱਤਰ ਨੂੰ ਦੋ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਫੈਸਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੈ ਕਿ ਪਾਰਟੀ ਦੀ ਇਹ ਰਣਨੀਤੀ ਚੋਣਾਂ ਵਿੱਚ ਕਿੰਨੀ ਸਫਲ ਰਹਿੰਦੀ ਹੈ।
ਚੱਬੇਵਾਲ ਨਾਲ ਜੁੜਿਆ ਰਿਹਾ ਹੈ ਡਾ. ਰਾਜ ਕੁਮਾਰ ਦਾ ਸਿਆਸੀ ਸਫ਼ਰ
ਡਾ. ਰਾਜ ਕੁਮਾਰ ਚੱਬੇਵਾਲ ਦਾ ਸਿਆਸੀ ਸਫ਼ਰ ਚੱਬੇਵਾਲ ਵਿਧਾਨ ਸਭਾ ਹਲਕੇ ਨਾਲ ਡੂੰਘਾ ਜੁੜਿਆ ਰਿਹਾ ਹੈ। ਉਨ੍ਹਾਂ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੀ ਇਸ ਜਿੱਤ ਨੂੰ ਹਲਕੇ ਵਿੱਚ ਕਾਂਗਰਸ ਦੀ ਲਗਭਗ 45 ਸਾਲਾਂ ਬਾਅਦ ਹੋਈ ਵੱਡੀ ਸਿਆਸੀ ਕਾਮਯਾਬੀ ਵਜੋਂ ਦੇਖਿਆ ਗਿਆ ਸੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੋਹਣ ਸਿੰਘ ਠੰਡਲ ਲਗਾਤਾਰ ਚਾਰ ਵਾਰ ਇਸ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਸੀ, ਉਸ ਸਮੇਂ ਵੀ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤਣ ਵਿੱਚ ਕਾਮਯਾਬ ਰਹੇ। ਉਨ੍ਹਾਂ ਨੇ ‘ਆਪ’ ਦੇ ਉਮੀਦਵਾਰ ਡਾ. ਹਰਮਿੰਦਰ ਸਿੰਘ ਸੰਧੂ ਨੂੰ ਹਰਾਇਆ ਸੀ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਪਿਤਾ ਦੇ ਸੰਸਦ ਮੈਂਬਰ ਬਣਨ ਮਗਰੋਂ ਪੁੱਤਰ ਨੂੰ ਮਿਲੀ ਸਿਆਸੀ ਵਿਰਾਸਤ
2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਸੀ। ਚੋਣਾਂ ਵਿੱਚ ਜਿੱਤ ਦਰਜ ਕਰਕੇ ਉਹ ਸੰਸਦ ਮੈਂਬਰ ਬਣੇ, ਜਿਸ ਤੋਂ ਬਾਅਦ ਚੱਬੇਵਾਲ ਵਿਧਾਨ ਸਭਾ ਸੀਟ ਖਾਲੀ ਹੋ ਗਈ।
ਇਸ ਸੀਟ ‘ਤੇ ਹੋਈ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਪੁੱਤਰ ਡਾ. ਇਸ਼ਾਂਕ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ। ਡਾ. ਇਸ਼ਾਂਕ ਕੁਮਾਰ ਨੇ ਜਿੱਤ ਹਾਸਲ ਕਰਕੇ ਵਿਧਾਨ ਸਭਾ ਵਿੱਚ ਆਪਣੀ ਜਗ੍ਹਾ ਬਣਾਈ।
ਹੁਣ ਪਾਰਟੀ ਨੇ ਮੁੜ ਉਨ੍ਹਾਂ ‘ਤੇ ਭਰੋਸਾ ਜਤਾਉਂਦਿਆਂ ਚੱਬੇਵਾਲ ਤੋਂ ਉਮੀਦਵਾਰ ਐਲਾਨਿਆ ਹੈ, ਜਦਕਿ ਉਨ੍ਹਾਂ ਦੇ ਪਿਤਾ ਨੂੰ ਫਗਵਾੜਾ ਤੋਂ ਟਿਕਟ ਦਿੱਤੀ ਗਈ ਹੈ। ਦੋਵੇਂ ਆਗੂਆਂ ਦੇ ਚੋਣ ਮੈਦਾਨ ਵਿੱਚ ਉਤਰਨ ਨਾਲ ਹੁਣ ਦੇਖਣਾ ਦਿਲਚਸਪ ਹੋਵੇਗਾ ਕਿ AAP ਦੀ ਇਹ ਸਿਆਸੀ ਰਣਨੀਤੀ ਦੋਵਾਂ ਹਲਕਿਆਂ ਵਿੱਚ ਪਾਰਟੀ ਨੂੰ ਕਿੰਨਾ ਫਾਇਦਾ ਪਹੁੰਚਾਉਂਦੀ ਹੈ।



