- ਭਗਵੰਤ ਮਾਨ ਸਰਕਾਰ ਦੀ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਸਫਲਤਾ, ਪੰਜਾਬ ਪੁਲਿਸ ਨੇ ਅਫਰੀਕਾ ਤੱਕ ਪਹੁੰਚਾਏ ਆਪਣੇ ਹੱਥ
ਚੰਡੀਗੜ੍ਹ : ਪੰਜਾਬ ਵਿੱਚ ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਵਿੱਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਨਾਮੀ ਗੈਂਗਸਟਰ ਅਫਰੀਦੀ ਨੂੰ ਇਥੋਪੀਆ ਤੋਂ ਭਾਰਤ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪੰਜ ਕਤਲਾਂ ਸਮੇਤ 30 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਇਸ ਕਾਰਵਾਈ ਨੂੰ ਪੰਜਾਬ ਪੁਲਿਸ ਦੀ ਕੌਮਾਂਤਰੀ ਪੱਧਰ ‘ਤੇ ਅਪਰਾਧੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੀ ਅਹਿਮ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਇਸ ਨਾਲ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਅੰਦਰ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਗੈਂਗਸਟਰਾਂ ਨੂੰ ਵੀ ਸਖ਼ਤ ਸੰਦੇਸ਼ ਗਿਆ ਹੈ।
ਵਿਦੇਸ਼ਾਂ ਵਿੱਚ ਲੁਕਣ ਵਾਲੇ ਅਪਰਾਧੀਆਂ ‘ਤੇ ਵੀ ਪੁਲਿਸ ਦੀ ਨਜ਼ਰ
ਪੰਜਾਬ ਸਰਕਾਰ ਦੀ ਨੀਤੀ ਤਹਿਤ ਗੈਂਗਸਟਰਾਂ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਨੂੰ ਸਿਰਫ਼ ਸੂਬੇ ਤੱਕ ਸੀਮਤ ਨਹੀਂ ਰੱਖਿਆ ਜਾ ਰਿਹਾ, ਸਗੋਂ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਤੱਕ ਪਹੁੰਚ ਬਣਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਅਫਰੀਦੀ ਨੂੰ ਇਥੋਪੀਆ ਤੋਂ ਭਾਰਤ ਲਿਆਉਣਾ ਇਸੇ ਮੁਹਿੰਮ ਦਾ ਅਹਿਮ ਹਿੱਸਾ ਹੈ।
ਪੁਲਿਸ ਦੀ ਇਸ ਕਾਰਵਾਈ ਨਾਲ ਉਨ੍ਹਾਂ ਲੋਕਾਂ ਨੂੰ ਵੀ ਸਪੱਸ਼ਟ ਸੰਦੇਸ਼ ਮਿਲਿਆ ਹੈ, ਜੋ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧ ਕਰਵਾਉਣ ਤੋਂ ਬਾਅਦ ਕਾਨੂੰਨ ਦੀ ਪਕੜ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹਨ।
‘ਪੰਜਾਬ ਵਿੱਚ ਗੈਂਗਸਟਰਾਂ ਦਾ ਨਹੀਂ, ਕਾਨੂੰਨ ਦਾ ਰਾਜ ਚੱਲੇਗਾ’
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਗੈਂਗਸਟਰਵਾਦ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਅਤੇ ਲੋਕਾਂ ਦੀ ਜਾਨ-ਮਾਲ ਲਈ ਖ਼ਤਰਾ ਬਣਨ ਵਾਲੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਸਰਕਾਰ ਦਾ ਮੰਨਣਾ ਹੈ ਕਿ ਅਪਰਾਧ ਕਰਕੇ ਵਿਦੇਸ਼ਾਂ ਵਿੱਚ ਲੁਕ ਜਾਣਾ ਹੁਣ ਅਪਰਾਧੀਆਂ ਲਈ ਬਚਾਅ ਦਾ ਰਸਤਾ ਨਹੀਂ ਰਹੇਗਾ। ਪੰਜਾਬ ਪੁਲਿਸ ਵੱਲੋਂ ਦੇਸ਼ ਅਤੇ ਵਿਦੇਸ਼ ਵਿੱਚ ਫੈਲੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਜਾਰੀ ਰੱਖੀ ਜਾ ਰਹੀ ਹੈ।
ਗੈਂਗਸਟਰਵਾਦ ਖ਼ਿਲਾਫ਼ ਮੁਹਿੰਮ ਨੂੰ ਮਿਲੀ ਨਵੀਂ ਮਜ਼ਬੂਤੀ
ਅਫਰੀਦੀ ਦੀ ਭਾਰਤ ਵਾਪਸੀ ਨੂੰ ਪੰਜਾਬ ਵਿੱਚ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹੁਣ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਦੌਰਾਨ ਅਪਰਾਧਿਕ ਨੈੱਟਵਰਕ, ਸਾਥੀਆਂ ਅਤੇ ਹੋਰ ਸੰਭਾਵਿਤ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੇ ਜਾਣ ਦੀ ਉਮੀਦ ਹੈ।
ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਸੂਬੇ ਵਿੱਚ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
