ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ’ਤੇ CBI ਦੀ ਰੇਡ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਦੇ ਦੋਸ਼ ਲਗਾਏ ਹਨ।
ਮੰਤਰੀ ਖੁੱਡੀਆਂ ਨੇ ਕਿਹਾ ਕਿ ਭਾਜਪਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਬਦਨਾਮ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਪੂਰੇ ਘਟਨਾਕ੍ਰਮ ਨੂੰ ਬੜੀ ਬਾਰੀਕੀ ਨਾਲ ਦੇਖ ਰਹੇ ਹਨ।
‘ਪੰਜਾਬ ਦੇ ਲੋਕ ਸਭ ਦੇਖ ਰਹੇ ਹਨ’
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੀਆਂ ਕਾਰਵਾਈਆਂ ਰਾਹੀਂ ਪੰਜਾਬ ਸਰਕਾਰ ਨੂੰ ਦਬਾਅ ਹੇਠ ਲਿਆਉਣ ਜਾਂ ਉਸਦੀ ਛਵੀ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਪੰਜਾਬ ਦੇ ਲੋਕ ਹਰ ਗੱਲ ਨੂੰ ਸਮਝ ਰਹੇ ਹਨ ਅਤੇ ਸਿਆਸੀ ਹਾਲਾਤ ’ਤੇ ਉਨ੍ਹਾਂ ਦੀ ਪੂਰੀ ਨਜ਼ਰ ਹੈ।
‘ਲੋਕਾਂ ਦਾ ਪਿਆਰ ਹੀ BJP ਦੀ ਸਭ ਤੋਂ ਵੱਡੀ ਚਿੰਤਾ’
ਮੰਤਰੀ ਖੁੱਡੀਆਂ ਨੇ ਦਾਅਵਾ ਕੀਤਾ ਕਿ ਭਾਜਪਾ ਦੀ ਸਭ ਤੋਂ ਵੱਡੀ ਚਿੰਤਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਲੋਕਾਂ ਦਾ ਪਿਆਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਏਜੰਸੀ ਦੀ ਕਾਰਵਾਈ ਨਾਲ ਲੋਕਾਂ ਦੇ ਭਰੋਸੇ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ
ਉਨ੍ਹਾਂ ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ CBI ਦੀ ਕਾਰਵਾਈ ਨੂੰ ਲੈ ਕੇ ਸਿਆਸੀ ਤਕਰਾਰ ਹੋਰ ਤੇਜ਼ ਹੋਣ ਦੇ ਸੰਕੇਤ ਮਿਲ ਰਹੇ ਹਨ
