
ਏਐਸਆਈ ਇਕਬਾਲ ਸਿੰਘ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਮੁੱਖ ਸ਼ੂਟਰ ਹੈਪੀ ਬਾਹਮਣ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਏਐਸਆਈ ਇਕਬਾਲ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਮੁੱਖ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ‘ਹੈਪੀ ਬਾਹਮਣ’ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਇੱਕ ਹੋਟਲ ਵਿੱਚ ਕੀਤੀ, ਜਿਸ ਦੌਰਾਨ ਸੰਖੇਪ ਗੋਲੀਬਾਰੀ ਵੀ ਹੋਈ। ਮੁਲਜ਼ਮ ਦੇ ਨਾਲ ਮੌਜੂਦ ਇੱਕ ਮਹਿਲਾ ਸਾਥਣ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਹੈ।
ਗ੍ਰਿਫ਼ਤਾਰ ਕੀਤਾ ਗਿਆ ਹੈਪੀ ਬਾਹਮਣ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਇਲਾਕੇ ਅਧੀਨ ਪੈਂਦੇ ਪਿੰਡ ਅਕਬਰਪੁਰਾ ਕੱਚਾ ਪੱਕਾ ਦਾ ਰਹਿਣ ਵਾਲਾ ਹੈ।
ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਏਐਸਆਈ ਇਕਬਾਲ ਸਿੰਘ ਦੀ 11 ਅਕਤੂਬਰ, 2026 ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ।
ਡੀਜੀਪੀ ਅਨੁਸਾਰ, ਵਾਰਦਾਤ ਤੋਂ ਤੁਰੰਤ ਬਾਅਦ ਏਜੀਟੀਐਫ ਦੀਆਂ ਟੀਮਾਂ ਨੇ ਜਾਂਚ ਤੇਜ਼ ਕਰਦਿਆਂ ਤਕਨੀਕੀ ਨਿਗਰਾਨੀ ਅਤੇ ਖੁਫੀਆ ਸੂਚਨਾਵਾਂ ਦੇ ਆਧਾਰ ’ਤੇ ਮੁਲਜ਼ਮ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ। ਪੁਲਿਸ ਟੀਮਾਂ ਨੇ ਉਸ ਦੀਆਂ ਗਤੀਵਿਧੀਆਂ ਚੰਡੀਗੜ੍ਹ, ਦਿੱਲੀ ਅਤੇ ਜੈਪੁਰ ਵਿੱਚ ਟਰੈਕ ਕਰਨ ਤੋਂ ਬਾਅਦ ਆਖ਼ਰਕਾਰ ਜ਼ੀਰਕਪੁਰ ਦੇ ਇੱਕ ਹੋਟਲ ਵਿੱਚੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਕਤਲ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਨਾਲ ਜੁੜੀਆਂ ਹੋਰ ਅਹਿਮ ਕੜੀਆਂ ਦਾ ਖੁਲਾਸਾ ਕੀਤਾ ਜਾ ਸਕੇ।



