ਰਿਚਮੰਡ ਹਿੱਲ (ਨਿਊਯਾਰਕ): ਅਮਰੀਕਾ ਦੇ ਨਿਊਯਾਰਕ ਸਥਿਤ ਰਿਚਮੰਡ ਹਿੱਲ ਦੇ ਸਿੱਖ ਕਲਚਰਲ ਸੁਸਾਇਟੀ ਗੁਰਦੁਆਰੇ ਵਿੱਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਜਸ਼ਨਾਂ ਦੌਰਾਨ ਕਥਿਤ ਗ਼ੈਰ-ਕਾਨੂੰਨੀ ਆਤਿਸ਼ਬਾਜ਼ੀ ਅਤੇ ਹੁੱਲੜਬਾਜ਼ੀ ਦੀ ਘਟਨਾ ਨੇ ਸਿੱਖ ਭਾਈਚਾਰੇ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ। ਘਟਨਾ ਦੇ ਸਬੰਧ ਵਿੱਚ ਕਈ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਕੁਝ ਮੁਲਜ਼ਮਾਂ ਕੋਲੋਂ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਹੋਣ ਅਤੇ ਇੱਕ ਪੁਲੀਸ ਅਧਿਕਾਰੀ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।
ਯੂ.ਕੇ., ਕੈਨੇਡਾ ਅਤੇ ਅਮਰੀਕਾ ਵਿੱਚ ਦੀਵਾਲੀ ਦੇ ਜਸ਼ਨਾਂ ਦੌਰਾਨ ਧਾਰਮਿਕ ਸਥਾਨਾਂ ਦੇ ਬਾਹਰ ਕੀਤੀ ਜਾਂਦੀ ਆਤਿਸ਼ਬਾਜ਼ੀ, ਉਸ ਨਾਲ ਪੈਦਾ ਹੋਣ ਵਾਲੇ ਸ਼ੋਰ ਅਤੇ ਬਾਅਦ ਵਿੱਚ ਫੈਲਣ ਵਾਲੀ ਗੰਦਗੀ ਨੂੰ ਲੈ ਕੇ ਵੀ ਭਾਈਚਾਰੇ ਦੇ ਲੋਕਾਂ ਨੇ ਚਿੰਤਾ ਜ਼ਾਹਰ ਕੀਤੀ ਹੈ।
ਇਸ ਘਟਨਾ ਦੀ ਨਿਖੇਧੀ ਕਰਦਿਆਂ ਸਿੱਖ ਕਲਚਰਲ ਸੁਸਾਇਟੀ ਇੰਕ. ਰਿਚਮੰਡ ਹਿੱਲ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਜਿੱਥੇ ਹਿੰਸਾ ਅਤੇ ਕਾਨੂੰਨ ਦੀ ਉਲੰਘਣਾ ਦੀ ਸਖ਼ਤ ਨਿੰਦਾ ਕੀਤੀ, ਉੱਥੇ ਹੀ ਘਟਨਾ ਦੌਰਾਨ ਜ਼ਖ਼ਮੀ ਹੋਏ ਪੁਲੀਸ ਅਧਿਕਾਰੀ ਤੋਂ ਬਿਨਾਂ ਸ਼ਰਤ ਮੁਆਫ਼ੀ ਵੀ ਮੰਗੀ।
ਜਤਿੰਦਰ ਸਿੰਘ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰੇ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਪ੍ਰਬੰਧਕ ਕਮੇਟੀ ਨੇ ਪਹਿਲਾਂ ਹੀ ਸਥਾਨਕ ਪ੍ਰਸ਼ਾਸਨ ਨਾਲ ਸਹਿਮਤੀ ਬਣਾਈ ਸੀ ਕਿ ਸਮਾਗਮ ਦੌਰਾਨ ਆਤਿਸ਼ਬਾਜ਼ੀ ਨਹੀਂ ਕੀਤੀ ਜਾਵੇਗੀ। ਇਸ ਦੇ ਬਾਵਜੂਦ ਕੁਝ ਨੌਜਵਾਨਾਂ ਨੇ ਜਾਣਬੁੱਝ ਕੇ ਨਿਯਮਾਂ ਦੀ ਉਲੰਘਣਾ ਕੀਤੀ ਅਤੇ ਧਾਰਮਿਕ ਸਮਾਗਮ ਦੇ ਮਾਹੌਲ ਨੂੰ ਖ਼ਰਾਬ ਕੀਤਾ।
ਉਨ੍ਹਾਂ ਕਿਹਾ ਕਿ ਅਮਰੀਕੀ ਪੁਲੀਸ ਨੇ ਸਥਿਤੀ ਨਾਲ ਨਜਿੱਠਦਿਆਂ ਕਾਨੂੰਨੀ ਪ੍ਰਕਿਰਿਆ ਅਤੇ ਨਿਯਮਾਂ ਦੀ ਪਾਲਣਾ ਕੀਤੀ। ਉਨ੍ਹਾਂ ਭਾਰਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਅਜਿਹੀ ਘਟਨਾ ਵਾਪਰਨ ‘ਤੇ ਪੁਲੀਸ ਵੱਲੋਂ ਹੋਰ ਸਖ਼ਤ ਰਵੱਈਆ ਅਪਣਾਇਆ ਜਾ ਸਕਦਾ ਸੀ। ਉਨ੍ਹਾਂ ਇਸ ਗੱਲ ‘ਤੇ ਵੀ ਅਫ਼ਸੋਸ ਜਤਾਇਆ ਕਿ ਅਜਿਹੀਆਂ ਘਟਨਾਵਾਂ ਕਾਰਨ ਪਰਵਾਸੀ ਭਾਈਚਾਰੇ ਨਾਲ ਸਬੰਧਤ ਪੁਲੀਸ ਮੁਲਾਜ਼ਮਾਂ ਨੂੰ ਵੀ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਿੰਘ ਨੇ ਕਿਹਾ ਕਿ ਕੁਝ ਗ਼ੈਰ-ਜ਼ਿੰਮੇਵਾਰ ਵਿਅਕਤੀਆਂ ਦੀਆਂ ਹਰਕਤਾਂ ਨੇ ਪੰਜਾਬੀ ਅਤੇ ਭਾਰਤੀ ਪਰਵਾਸੀ ਭਾਈਚਾਰੇ ਦੇ ਅਕਸ ਨੂੰ ਢਾਹ ਲਾਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਰਿਚਮੰਡ ਹਿੱਲ ਦੇ ਚਾਰਾਂ ਗੁਰਦੁਆਰਿਆਂ ਵਿੱਚ ਜਸ਼ਨਾਂ ਦੌਰਾਨ ਇਸ ਤਰ੍ਹਾਂ ਦੀਆਂ ਅਨੁਸ਼ਾਸਨਹੀਣਤਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਉਸ ਦੇਸ਼ ਦੇ ਕਾਨੂੰਨਾਂ ਅਤੇ ਨਿਯਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਜਿੱਥੇ ਉਹ ਰਹਿੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਭਾਈਚਾਰੇ ਦੀ ਵੱਡੀ ਗਿਣਤੀ ਉਸ ਨੂੰ ਕਾਨੂੰਨ ਤੋੜਨ ਦਾ ਹੱਕ ਨਹੀਂ ਦਿੰਦੀ। ਮੁੱਠੀ ਭਰ ਲੋਕਾਂ ਦੀ ਗ਼ੈਰ-ਜ਼ਿੰਮੇਵਾਰਾਨਾ ਹਰਕਤ ਪੂਰੇ ਭਾਈਚਾਰੇ ਦੀ ਸਾਖ਼ ਨੂੰ ਨੁਕਸਾਨ ਪਹੁੰਚਾ ਸਕਦੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਤਰੱਕੀ ਦੇ ਮੌਕਿਆਂ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਨੌਜਵਾਨਾਂ ਦੇ ਰਵੱਈਏ ਦੀ ਮਿਸਾਲ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਦੋਂ ਉਹ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਤਾਂ ਇੱਕ ਨੌਜਵਾਨ ਨੇ ਆਪਣੇ ਮੋਟਰਸਾਈਕਲ ਦਾ ਉੱਚਾ ਸ਼ੋਰ ਪੈਦਾ ਕੀਤਾ ਅਤੇ ਤੇਜ਼ ਰਫ਼ਤਾਰ ਨਾਲ ਉੱਥੋਂ ਲੰਘ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਕੁਝ ਨੌਜਵਾਨ ਭਾਈਚਾਰੇ ਦੇ ਆਗੂਆਂ ਦੀਆਂ ਅਪੀਲਾਂ ਨੂੰ ਵੀ ਗੰਭੀਰਤਾ ਨਾਲ ਨਹੀਂ ਲੈਂਦੇ।
ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕੁਝ ਲੋਕ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਫੜੇ ਜਾਂਦੇ ਹਨ ਤਾਂ ਉਹ ਬਾਅਦ ਵਿੱਚ ਭਾਈਚਾਰੇ ਦੇ ਆਗੂਆਂ ਕੋਲ ਪਹੁੰਚ ਕੇ ਪੁਲੀਸ ਜਾਂ ਪ੍ਰਸ਼ਾਸਨ ਕੋਲ ਉਨ੍ਹਾਂ ਦੀ ਮਦਦ ਕਰਨ ਦੀ ਮੰਗ ਕਰਦੇ ਹਨ। ਜਤਿੰਦਰ ਸਿੰਘ ਨੇ ਅਜਿਹੇ ਰਵੱਈਏ ਨੂੰ ਗ਼ੈਰ-ਜ਼ਿੰਮੇਵਾਰਾਨਾ ਕਰਾਰ ਦਿੱਤਾ।
ਇਸ ਮੌਕੇ ਉਨ੍ਹਾਂ ਕੈਲੀਫੋਰਨੀਆ ਦੇ ਯੂਬਾ ਸਿਟੀ ਵਿੱਚ ਨਗਰ ਕੀਰਤਨ ਦੌਰਾਨ ਵਾਪਰੀਆਂ ਗੋਲੀਬਾਰੀ ਅਤੇ ਤਲਵਾਰਬਾਜ਼ੀ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਅਤੇ ਪੰਜਾਬੀ ਭਾਈਚਾਰੇ ਦੀ ਛਵੀ ਨੂੰ ਹੋਰ ਨੁਕਸਾਨ ਪਹੁੰਚਾਉਂਦੀਆਂ ਹਨ।
ਅੰਤ ਵਿੱਚ ਉਨ੍ਹਾਂ ਚਿਤਾਵਨੀ ਦਿੱਤੀ ਕਿ ਕੁਝ ਵਿਅਕਤੀਆਂ ਦੀਆਂ ਗ਼ੈਰ-ਜ਼ਿੰਮੇਵਾਰਾਨਾ ਕਾਰਵਾਈਆਂ ਦਾ ਖ਼ਮਿਆਜ਼ਾ ਸਮੁੱਚੇ ਭਾਈਚਾਰੇ ਨੂੰ ਭੁਗਤਣਾ ਪੈ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਜਸ਼ਨਾਂ ਦੀ ਮਰਿਆਦਾ ਕਾਇਮ ਰੱਖਣ ਦੇ ਨਾਲ-ਨਾਲ ਸਥਾਨਕ ਕਾਨੂੰਨਾਂ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਘਟਨਾ ਨੇ ਵਿਦੇਸ਼ਾਂ ਵਿੱਚ ਧਾਰਮਿਕ ਜਸ਼ਨਾਂ ਦੌਰਾਨ ਆਤਿਸ਼ਬਾਜ਼ੀ ਦੀ ਵਰਤੋਂ, ਜਨਤਕ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੀ ਪਾਲਣਾ ਨੂੰ ਲੈ ਕੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
