ਜਾਰਡਨ: ਜਾਰਡਨ ਵਿੱਚ ਇੱਕ ਚਰਚ ਅੰਦਰ ਹੋਈ ਗੋਲੀਬਾਰੀ ਦੀ ਘਟਨਾ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਇਸ ਹਮਲੇ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਘੱਟੋ-ਘੱਟ 34 ਹੋਰ ਜ਼ਖ਼ਮੀ ਹੋ ਗਏ। ਇਹ ਘਟਨਾ ਦੇਸ਼ ਦੇ ਕਰਾਕ ਗਵਰਨੋਰੇਟ ਵਿੱਚ ਸ਼ੁੱਕਰਵਾਰ ਨੂੰ ਵਾਪਰੀ।
ਮੁੱਢਲੀ ਜਾਣਕਾਰੀ ਅਨੁਸਾਰ, ਹਮਲਾਵਰ ਇੱਕ ਕਾਰ ਵਿੱਚ ਸਵਾਰ ਹੋ ਕੇ ਚਰਚ ਪਹੁੰਚੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਉੱਥੇ ਅੰਤਿਮ ਸੰਸਕਾਰ ਦੌਰਾਨ ਮੌਜੂਦ ਲੋਕਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਤੋਂ ਬਾਅਦ ਸੁਰੱਖਿਆ ਬਲ ਤਾਇਨਾਤ
ਹਮਲੇ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਤਾਇਨਾਤ ਕਰ ਦਿੱਤਾ ਗਿਆ। ਜਾਰਡਨ ਦੇ ਸਰਕਾਰੀ ਬੁਲਾਰੇ ਮੁਹੰਮਦ ਅਲ-ਮੋਮਾਨੀ ਨੇ ਇਸ ਘਟਨਾ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੱਤਾ।
ਹਮਲਾਵਰਾਂ ਦੀ ਪਛਾਣ ਬਾਰੇ ਜਾਣਕਾਰੀ ਦੀ ਉਡੀਕ
ਫਿਲਹਾਲ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੇ ਹਮਲੇ ਪਿੱਛੇ ਮਕਸਦ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ
