ਪੀਜ਼ਾ ਡਿਲੀਵਰੀ ਕਰਕੇ ਵਾਪਸ ਆ ਰਹੇ ਪੰਜਾਬੀ ਨੌਜਵਾਨ ਦਾ ਅਮਰੀਕਾ ਚ ਕਤਲ

ਕਪੂਰਥਲਾ: ਅਮਰੀਕਾ ਤੋਂ ਪੰਜਾਬ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਕਪੂਰਥਲਾ ਜ਼ਿਲ੍ਹੇ ਦੇ ਪਿੰਡ ਜੱਬੋਵਾਲ ਨਾਲ ਸਬੰਧਤ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਗੁਰਦੀਪ ਸਿੰਘ ਪੁੱਤਰ ਪਿਆਰਾ ਲਾਲ ਵਜੋਂ ਹੋਈ ਹੈ

ਜਾਣਕਾਰੀ ਮੁਤਾਬਕ ਗੁਰਦੀਪ ਸਿੰਘ ਕਰੀਬ 13 ਸਾਲ ਪਹਿਲਾਂ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਅਤੇ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ। ਉਹ ਨਿਊਯਾਰਕ ਸਿਟੀ ਦੇ ਰਿਚਮੰਡ ਸਟਰੀਟ ਇਲਾਕੇ ਵਿੱਚ ਪੀਜ਼ਾ ਡਿਲੀਵਰੀ ਦਾ ਕੰਮ ਕਰਦਾ ਸੀ

ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਪੀਜ਼ਾ ਡਿਲੀਵਰੀ ਕਰਨ ਦੌਰਾਨ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਗੰਭੀਰ ਜ਼ਖ਼ਮਾਂ ਕਾਰਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਪਿਆਰਾ ਲਾਲ ਨੇ ਦੱਸਿਆ ਕਿ ਗੁਰਦੀਪ ਸਿੰਘ ਨੇ ਵਿਦੇਸ਼ ਜਾ ਕੇ ਕਈ ਮੁਸ਼ਕਲਾਂ ਦਾ ਸਾਹਮਣਾ ਕੀਤਾ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਦਿਨ-ਰਾਤ ਮਿਹਨਤ ਕਰ ਰਿਹਾ ਸੀ।

ਪਰਿਵਾਰ ਦਾ ਦੋਸ਼ ਹੈ ਕਿ ਗੁਰਦੀਪ ਨੂੰ ਲੁੱਟ-ਖੋਹ ਦੀ ਨੀਅਤ ਨਾਲ ਨਿਸ਼ਾਨਾ ਬਣਾਇਆ ਗਿਆ। ਉਸ ਦੀ ਮੌਤ ਦੀ ਖ਼ਬਰ ਪਿੰਡ ਜੱਬੋਵਾਲ ਪਹੁੰਚਦੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ

ਗੁਰਦੀਪ ਸਿੰਘ ਦੇ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।

ਇਸ ਦੇ ਨਾਲ ਹੀ ਪਰਿਵਾਰ ਨੇ ਅਮਰੀਕੀ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਹੱਤਿਆ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ