ਲਹਿਰਾਗਾਗਾ: ਲਹਿਰਾਗਾਗਾ-ਜਾਖਲ ਸੜਕ ’ਤੇ ਪਿੰਡ ਚੋਟੀਆਂ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਮਨਰੇਗਾ (MGNREGA) ਸਕੀਮ ਤਹਿਤ ਸੜਕ ’ਤੇ ਕੰਮ ਕਰ ਰਹੇ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਰਿਪੋਰਟਾਂ ਅਨੁਸਾਰ, ਇਸ ਹਾਦਸੇ ਵਿੱਚ ਲਗਭਗ 8 ਮਨਰੇਗਾ ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਹੋਰ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਜਾਣਕਾਰੀ ਮੁਤਾਬਕ, ਹਾਦਸੇ ਸਮੇਂ ਕਰੀਬ 23 ਮਨਰੇਗਾ ਮਜ਼ਦੂਰ, ਜਿਨ੍ਹਾਂ ਵਿੱਚ ਮਰਦ ਅਤੇ ਔਰਤਾਂ ਸ਼ਾਮਲ ਸਨ, ਸੜਕ ’ਤੇ ਕੰਮ ਕਰ ਰਹੇ ਸਨ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅਚਾਨਕ ਵਾਪਰੀ ਇਸ ਘਟਨਾ ਤੋਂ ਬਾਅਦ ਮੌਕੇ ’ਤੇ ਹਫ਼ੜਾ-ਦਫ਼ੜੀ ਮੱਚ ਗਈ।
ਜ਼ਖ਼ਮੀਆਂ ਨੂੰ ਹਸਪਤਾਲਾਂ ਵਿੱਚ ਕਰਵਾਇਆ ਗਿਆ ਦਾਖ਼ਲ
ਹਾਦਸੇ ਵਿੱਚ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ ਤੁਰੰਤ ਲਹਿਰਾਗਾਗਾ ਅਤੇ ਸੁਨਾਮ ਦੇ ਸਰਕਾਰੀ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਕੁਝ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕੀਤੀ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਹਾਦਸੇ ਦੇ ਕਾਰਨਾਂ ਅਤੇ ਹੋਰ ਵੇਰਵਿਆਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
