
ਹਿਮਾਚਲ ’ਚ ਮਹਿਲਾਵਾਂ ਦੇ ਹੱਕਾਂ ਲਈ ਸੜਕਾਂ ’ਤੇ ਉਤਰੀ ਆਮ ਆਦਮੀ ਪਾਰਟੀ, ਮਨੀਸ਼ ਸਿਸੋਦੀਆ ਦੀ ਅਗਵਾਈ ’ਚ ਧਰਮਸ਼ਾਲਾ ਵਿਖੇ ਵਿਧਾਨ ਸਭਾ ਦਾ ਘਿਰਾਓ
ਚੋਣਾਂ ਦੌਰਾਨ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਦੇਣ ਦਾ ਵਾਅਦਾ ਪੂਰਾ ਨਾ ਕਰਨ ’ਤੇ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਧਰਮਸ਼ਾਲਾ: ਹਿਮਾਚਲ ਪ੍ਰਦੇਸ਼ ਵਿੱਚ ਮਹਿਲਾਵਾਂ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਹਰ ਮਹੀਨੇ 1500 ਰੁਪਏ ਦੇਣ ਦੀ ਗਾਰੰਟੀ ਪੂਰੀ ਨਾ ਹੋਣ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਵੱਲੋਂ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਧਰਮਸ਼ਾਲਾ ਵਿੱਚ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਹਿਮਾਚਲ ਦੀਆਂ ਮਾਵਾਂ ਅਤੇ ਭੈਣਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਉਠਾਈ।
ਆਮ ਆਦਮੀ ਪਾਰਟੀ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪਾਰਟੀ ਨੇ ਇਸ ਨੂੰ ਮਹਿਲਾਵਾਂ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ।
ਆਪ ਆਗੂਆਂ ਨੇ ਕਿਹਾ ਕਿ ਪਾਰਟੀ ਹਿਮਾਚਲ ਪ੍ਰਦੇਸ਼ ਦੀਆਂ ਮਾਵਾਂ ਅਤੇ ਭੈਣਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਹਿਲਾਵਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ।



