ਵਿਧਾਇਕ ਜਿੰਪਾ ਨੇ ਪਿੰਡ ਠਰੋਲੀ ‘ਚ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 29 ਜੁਲਾਈ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਪਿੰਡ ਠਰੋਲੀ ਵਿੱਚ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਦੇ ਨਿਰਮਾਣ ਨਾਲ ਪਿੰਡ ਵਿੱਚ ਸਮਾਜਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਬਿਹਤਰ ਸਹੂਲਤ ਉਪਲਬੱਧ ਹੋਵੇਗੀ।
ਨਿਰਮਾਣ ਕਾਰਜ ਦੀ ਸ਼ੁਰੂਆਤ ਤੋਂ ਪਹਿਲਾਂ ਵਿਧਾਇਕ ਜਿੰਪਾ ਨੇ ਪਿੰਡ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਵਿਧਾਇਕ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਖੇਤਰ ਦੇ ਹਰ ਪਿੰਡ ਦਾ ਬਰਾਬਰ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਸਦਕਾ ਵਿਕਾਸ ਕਾਰਜਾਂ ਦੀ ਰਫ਼ਤਾਰ ਲਗਾਤਾਰ ਵਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਖੇਤਰ ਵਿੱਚ ਕਈ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਪਿੰਡ ਵਾਸੀਆਂ ਨੇ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ‘ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਦੇ ਲੋਕਾਂ ਨੂੰ ਸਮਾਜਿਕ ਸਮਾਗਮਾਂ ਲਈ ਇੱਕ ਬਿਹਤਰ ਸਥਾਨ ਉਪਲਬਧ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਨੁਮਾਇੰਦੇ ਅਤੇ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।