ਮੋਗਾ ’ਚ ਦਿਨ-ਦਿਹਾੜੇ ਗੋਲੀਆਂ ਦੀ ਤਾੜ-ਤਾੜ! ਦੋ ਨੌਜਵਾਨਾਂ ਦੀ ਮੌਤ, 3 ਜ਼ਖ਼ਮੀ,

ਮੋਗਾ: ਪੰਜਾਬ ਦੇ ਮੋਗਾ ਵਿੱਚ ਗੋਲੀਬਾਰੀ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਅੰਗਦਪੁਰਾ ਮੁਹੱਲੇ ਵਿੱਚ ਇੱਕ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ’ਤੇ ਕਾਲੇ ਰੰਗ ਦੀ ਸਕਾਰਪੀਓ ਵਿੱਚ ਆਏ ਕੁਝ ਵਿਅਕਤੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ ਪੰਜ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਤਿੰਨ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ

ਸਕਾਰਪੀਓ ’ਚ ਆਏ ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਮਿਲੀ ਜਾਣਕਾਰੀ ਮੁਤਾਬਕ, ਐਤਵਾਰ ਨੂੰ ਅੰਗਦਪੁਰਾ ਮੁਹੱਲੇ ਵਿੱਚ ਇੱਕ ਦੁਕਾਨ ਦੇ ਬਾਹਰ ਚਾਰ ਤੋਂ ਪੰਜ ਨੌਜਵਾਨ ਬੈਠੇ ਹੋਏ ਸਨ। ਇਸੇ ਦੌਰਾਨ ਕਾਲੇ ਰੰਗ ਦੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਈ ਇਸ ਫਾਇਰਿੰਗ ਕਾਰਨ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ

ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੇ ਸਿਰ, ਦੋ ਦੇ ਪੇਟ ਅਤੇ ਇੱਕ ਦੀ ਬਾਂਹ ਵਿੱਚ ਗੋਲੀ ਲੱਗੀ, ਜਦਕਿ ਇੱਕ ਹੋਰ ਨੌਜਵਾਨ ਛਰਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ

ਦੋ ਮ੍ਰਿਤਕਾਂ ਦੀ ਹੋਈ ਪਛਾਣ

ਇਸ ਘਟਨਾ ਵਿੱਚ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਪਛਾਣ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਇੱਕੋ ਪਰਿਵਾਰ ਨਾਲ ਸਬੰਧਤ ਸਨ। ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ

ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ’ਤੇ ਇਸ ਤਰ੍ਹਾਂ ਗੋਲੀਆਂ ਚਲਾਉਣ ਦੀ ਘਟਨਾ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਤਿੰਨ ਜ਼ਖ਼ਮੀ ਨੌਜਵਾਨਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ