
MP ਅੰਮ੍ਰਿਤਪਾਲ ਸਿੰਘ ਨੂੰ ਮਿਲੀ 1 ਦਿਨ ਦੀ ਜ਼ਮਾਨਤ
ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ 14 ਨਵੰਬਰ ਨੂੰ ਇੱਕ ਦਿਨ ਦੀ ਪੈਰੋਲ ਮਨਜ਼ੂਰ ਕੀਤੀ ਗਈ ਹੈ।
ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਦਾਲਤੀ ਫ਼ੈਸਲੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੈਰੋਲ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਐਡੀਸ਼ਨਲ ਸੈਸ਼ਨ ਜੱਜ ਹਿਮੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ ਸੀ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ 14 ਨਵੰਬਰ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਹੈ।
ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਦੀ ਪੈਰੋਲ
ਵਕੀਲ ਕਰਮਵੀਰ ਸਿੰਘ ਮੁਤਾਬਕ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਦੀ ਪੈਰੋਲ ਦਿੱਤੀ ਹੈ, ਜਦਕਿ ਉਨ੍ਹਾਂ ਦੇ ਇੱਕ ਚਚੇਰੇ ਭਰਾ ਨੂੰ ਦੋ ਦਿਨ ਦੀ ਛੁੱਟੀ ਮਨਜ਼ੂਰ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਬਚਾਅ ਪੱਖ ਵੱਲੋਂ ਅੰਮ੍ਰਿਤਪਾਲ ਸਿੰਘ ਲਈ 14 ਤੋਂ 17 ਨਵੰਬਰ ਤੱਕ ਤਿੰਨ ਦਿਨ ਦੀ ਪੈਰੋਲ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਇਸ ਦੀ ਬਜਾਏ ਸਿਰਫ਼ ਅੰਤਿਮ ਸੰਸਕਾਰ ਵਾਲੇ ਦਿਨ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ।
ਪੈਰੋਲ ਦਾ ਖ਼ਰਚਾ ਪਰਿਵਾਰ ਚੁੱਕੇਗਾ, ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਦੀ
ਐਡਵੋਕੇਟ ਕਰਮਵੀਰ ਸਿੰਘ ਨੇ ਦੱਸਿਆ ਕਿ ਅਦਾਲਤ ਵੱਲੋਂ ਪੈਰੋਲ ਅਤੇ ਯਾਤਰਾ ਨਾਲ ਜੁੜੇ ਖ਼ਰਚਿਆਂ ਦੀ ਜ਼ਿੰਮੇਵਾਰੀ ਪਰਿਵਾਰ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਦਾ ਖ਼ਰਚਾ ਵੀ ਪਰਿਵਾਰ ਵੱਲੋਂ ਹੀ ਚੁੱਕਿਆ ਜਾਵੇਗਾ।
ਉਨ੍ਹਾਂ ਅਨੁਸਾਰ ਅਦਾਲਤ ਦਾ ਵਿਸਥਾਰਤ ਹੁਕਮ ਮਿਲਣ ਤੋਂ ਬਾਅਦ ਲੋੜੀਂਦੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਤੈਅ ਕੀਤੀ ਗਈ ਰਕਮ ਜਮ੍ਹਾਂ ਕਰਵਾਈ ਜਾਵੇਗੀ।
ਡਿਬਰੂਗੜ੍ਹ ਤੋਂ ਪੰਜਾਬ ਲਿਆਉਣ ਲਈ ਸੁਰੱਖਿਆ ਏਜੰਸੀਆਂ ਕਰਨਗੀਆਂ ਪ੍ਰਬੰਧ
ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ ਦੀ ਪ੍ਰਕਿਰਿਆ ਬਾਰੇ ਵਕੀਲ ਨੇ ਦੱਸਿਆ ਕਿ ਇਸ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਸੁਰੱਖਿਆ ਏਜੰਸੀਆਂ ਦੀ ਹੋਵੇਗੀ।
ਅਦਾਲਤੀ ਹੁਕਮਾਂ ਦੀ ਕਾਪੀ ਮਿਲਣ ਅਤੇ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਸੁਰੱਖਿਆ ਟੀਮ ਡਿਬਰੂਗੜ੍ਹ ਜਾਵੇਗੀ ਅਤੇ ਲੋੜੀਂਦੇ ਪ੍ਰਬੰਧਾਂ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਂਦਾ ਜਾਵੇਗਾ।
ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ 14 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਦੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਤਿਆਰੀ ਕੀਤੀ ਜਾ ਰਹੀ ਹੈ।



