ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਨਵਾਂਸ਼ਹਿਰ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਜੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਵਸ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਰਾਜ ਪੱਧਰੀ ਸਮਾਰੋਹ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਉਂਦਿਆਂ ਸਮਾਰੋਹ ਨੂੰ ਸ਼ਰਧਾਪੂਰਵਕ, ਸ਼ਾਨਦਾਰ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਵਾਲੀ ਥਾਂ ‘ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤ, ਬਿਜਲੀ, ਪਾਰਕਿੰਗ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਰੋਹ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।

ਡਿਪਟੀ ਕਮਿਸ਼ਨਰ ਜੀ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਦਾ ਰਾਜ ਪੱਧਰੀ ਸਮਾਰੋਹ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸਫਲਤਾਪੂਰਵਕ ਕਰਵਾਇਆ ਜਾ ਸਕੇ