
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਭਾਗ, ਜੇਤੂ ਟੀਮਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਲੈਣਗੀਆਂ ਹਿੱਸਾ
ਨਵਾਂਸ਼ਹਿਰ : ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ ਸਾਇੰਸ ਐਂਡ ਟੈਕਨਾਲੋਜੀ, ਨਵੀਂ ਦਿੱਲੀ, ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 32ਵੀਂ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੱਧਰੀ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਬੀਰ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਦੀ ਅਗਵਾਈ ਹੇਠ ਸਕੂਲ ਇੰਚਾਰਜ ਮੈਡਮ ਰਵਿਤਾ ਢਿੱਲੋਂ ਦੀ ਦੇਖ-ਰੇਖ ਵਿੱਚ ਕਰਵਾਏ ਗਏ। ਇਨ੍ਹਾਂ ਵਿੱਚ ਜ਼ਿਲ੍ਹੇ ਦੇ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਨੇ ਦੱਸਿਆ ਕਿ ਬਾਲ ਸਾਇੰਸ ਕਾਂਗਰਸ-2026 ਦਾ ਮੁੱਖ ਵਿਸ਼ਾ ‘ਸਥਿਰਤਾ ਲਈ ਵਿਗਿਆਨ ਅਤੇ ਨਵੀਨਤਾ’ ਹੈ, ਜਿਸ ਨੂੰ ਪੰਜ ਉਪ-ਵਿਸ਼ਿਆਂ ਵਿੱਚ ਵੰਡਿਆ ਗਿਆ ਹੈ। ਮੁਕਾਬਲੇ ਦੌਰਾਨ ਵਿਦਿਆਰਥੀਆਂ ਦੀਆਂ ਟੀਮਾਂ ਨੇ ਇਨ੍ਹਾਂ ਉਪ-ਵਿਸ਼ਿਆਂ ਅਧੀਨ ਆਪਣੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ‘ਤੇ ਖੋਜ ਕਰਕੇ ਉਨ੍ਹਾਂ ਦੇ ਕਾਰਨਾਂ, ਆਮ ਲੋਕਾਂ ਅਤੇ ਵਾਤਾਵਰਣ ‘ਤੇ ਪੈਣ ਵਾਲੇ ਪ੍ਰਭਾਵਾਂ ਅਤੇ ਸੰਭਾਵੀ ਹੱਲਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀਆਂ ਦਿੱਤੀਆਂ।
ਮੁਕਾਬਲਿਆਂ ਵਿੱਚ ਸੁਰਿੰਦਰ ਪਾਲ ਸਿੰਘ, ਲੈਕਚਰਾਰ ਫਿਜ਼ਿਕਸ, ਮੈਡਮ ਨਵਨੀਤ ਕੌਰ, ਲੈਕਚਰਾਰ ਬਾਇਓਲੋਜੀ ਅਤੇ ਸੁਖਵਿੰਦਰ ਲਾਲ, ਸਾਇੰਸ ਮਾਸਟਰ ਨੇ ਜੱਜਾਂ ਦੀ ਭੂਮਿਕਾ ਨਿਭਾਈ।
ਜੂਨੀਅਰ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਨੇ ਪਹਿਲਾ, ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ (ਲੜਕੀਆਂ) ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਛਦੌੜੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੀਨੀਅਰ ਵਰਗ ਵਿੱਚ ਸਕਾਲਰ ਪਬਲਿਕ ਸਕੂਲ ਜਾਡਲਾ ਨੇ ਪਹਿਲਾ, ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਨੇ ਤੀਜਾ ਸਥਾਨ ਹਾਸਲ ਕੀਤਾ। ਦੋਵੇਂ ਵਰਗਾਂ ਦੀਆਂ ਜੇਤੂ ਟੀਮਾਂ ਹੁਣ ਰਾਜ ਪੱਧਰੀ ਬਾਲ ਸਾਇੰਸ ਕਾਂਗਰਸ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੀਆਂ।
ਇਸ ਮੌਕੇ ਪ੍ਰਿੰਸੀਪਲ ਰਜਨੀਸ਼ ਕੁਮਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਧਾਣਾ ਝਿੱਕਾ ਨੇ ਵਿਦਿਆਰਥੀਆਂ ਨੂੰ ਆਪਣੇ ਖੋਜ ਕਾਰਜਾਂ ਵਿੱਚ ਹੋਰ ਮਿਹਨਤ ਕਰਨ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।



