
ਪੰਜਾਬ ਨੂੰ ਬਚਾਉਣ ਲਈ NRI ਇੱਕ ਮਹੀਨਾ ਪੰਜਾਬ ਨੂੰ ਦੇਣ, ਆਪਣੇ ਹਲਕੇ ਤੋਂ ਕਾਂਗਰਸੀ ਵਿਧਾਇਕ ਜਿਤਾ ਕੇ ਜਾਣ: ਸਰਦਾਰ ਪਰਗਟ ਸਿੰਘ
ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਦੋਆਬੇ ਦੇ NRI ਭਰਾਵਾਂ ਨੂੰ ਪੰਜਾਬ ਨੂੰ ਬਚਾਉਣ ਦੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਘੱਟੋ-ਘੱਟ ਇੱਕ ਮਹੀਨਾ ਪੰਜਾਬ ਲਈ ਕੱਢਣ ਅਤੇ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸੀ ਵਿਧਾਇਕਾਂ ਨੂੰ ਜਿਤਾ ਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਬੇਹੱਦ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਸੂਬੇ ਨੂੰ ਮੌਜੂਦਾ ਹਾਲਾਤ ਵਿੱਚੋਂ ਬਾਹਰ ਕੱਢਣ ਲਈ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ। ਉਨ੍ਹਾਂ ਇਹ ਅਪੀਲ ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ ਕਰਵਾਈ ਗਈ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੀਤੀ।
ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਸੂਬੇ ਵਿੱਚ ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕ ਆਪਣੇ ਘਰਾਂ, ਗਲੀਆਂ, ਮੁਹੱਲਿਆਂ ਅਤੇ ਪਿੰਡਾਂ ਵਿੱਚ ਵੀ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਸਰਕਾਰ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ ਅਤੇ ਸਮਾਜਿਕ ਭਾਈਚਾਰੇ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਨਫ਼ਰਤ ਫੈਲਾਉਣ ਦੀ ਰਾਜਨੀਤੀ ਕਰ ਰਹੀ ਹੈ, ਜਦਕਿ ਦੂਜੇ ਪਾਸੇ ਬਦਲਾਅ ਦੇ ਨਾਂ ’ਤੇ ਚੁਣੇ ਗਏ ਪੰਜਾਬੀ ਵਿਧਾਇਕ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰੇ। ਉਨ੍ਹਾਂ ਪੰਜਾਬ ਦੇ ਹਿੱਤ ਦਿੱਲੀ ਵਾਲਿਆਂ ਦੇ ਹੱਥਾਂ ਵਿੱਚ ਸੌਂਪ ਦਿੱਤੇ ਹਨ।
ਪਰਗਟ ਸਿੰਘ ਨੇ ਕਿਹਾ ਕਿ ਦੋਆਬੇ ਦੇ ਲੋਕਾਂ ਨੇ ਕਾਫ਼ੀ ਹੱਦ ਤੱਕ ਪੰਜਾਬ ਦੇ ਹਿੱਤਾਂ ਦੀ ਰੱਖਿਆ ਕੀਤੀ, ਪਰ ਮਾਲਵੇ ਵਿੱਚ ਬਦਲਾਅ ਦੇ ਨਾਂ ’ਤੇ ਅਜਿਹਾ ਸਿਆਸੀ ਤਜਰਬਾ ਕੀਤਾ ਗਿਆ, ਜਿਸ ਦਾ ਖਮਿਆਜ਼ਾ ਅੱਜ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਹਾਲਾਤ ਇਹ ਹਨ ਕਿ ਲੋਕਾਂ ’ਤੇ 20-20 ਪੁਲਿਸ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹੁਣ ਜੋਸ਼ ਦੇ ਨਾਲ ਹੋਸ਼ ਅਤੇ ਏਕਤਾ ਦੀ ਵੀ ਲੋੜ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਵਿੱਚ ਭਾਜਪਾ ਸੱਤਾ ਵਿੱਚ ਆਉਂਦੀ ਹੈ ਜਾਂ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਉਣ ਵਿੱਚ ਕਾਮਯਾਬ ਹੁੰਦੀ ਹੈ ਤਾਂ ਸੂਬੇ ਨੂੰ ਮੌਜੂਦਾ ਨੁਕਸਾਨ ਨਾਲੋਂ ਵੀ ਦੁੱਗਣਾ ਨੁਕਸਾਨ ਉਠਾਉਣਾ ਪੈ ਸਕਦਾ ਹੈ, ਜਿਸ ਦੀ ਭਰਪਾਈ ਕਰਨੀ ਮੁਸ਼ਕਲ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ, ਆਪਸੀ ਭਾਈਚਾਰੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਲੋਕਾਂ ਨੂੰ ਸੋਚ-ਸਮਝ ਕੇ ਫੈਸਲਾ ਲੈਣਾ ਹੋਵੇਗਾ।
ਐਨਆਰਆਈ ਭਾਈਚਾਰੇ ਨੂੰ ਵਿਸ਼ੇਸ਼ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਾਲ ਵਿੱਚ ਘੱਟੋ-ਘੱਟ ਇੱਕ ਮਹੀਨਾ ਪੰਜਾਬ ਲਈ ਕੱਢਣ। ਆਪਣੇ ਪਿੰਡ, ਜ਼ਿਲ੍ਹੇ ਅਤੇ ਵਿਧਾਨ ਸਭਾ ਹਲਕੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪੰਜਾਬ ਦੇ ਹਿੱਤ ਵਿੱਚ ਸਹੀ ਸਿਆਸੀ ਫੈਸਲਾ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਚੋਣ ਜਿੱਤਣ ਦੀ ਲੜਾਈ ਨਹੀਂ, ਸਗੋਂ ਪੰਜਾਬ ਦੀ ਪਛਾਣ, ਭਾਈਚਾਰੇ ਅਤੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ।
ਇਸ ਮੌਕੇ ਸਰਦਾਰ ਪਰਗਟ ਸਿੰਘ ਨੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਮੁੜ ਜਿਤਾਉਣ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਦਿਹਾਤੀ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਵੀ ਮੌਜੂਦ ਸਨ



