Breaking News
ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਬਹਾਲ ਕਰਨ ਦੀ ਮੰਗ, ਪਰਗਟ ਸਿੰਘ ਨੇ PM ਮੋਦੀ ਨੂੰ ਲਿਖੀ ਚਿੱਠੀ

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਬਹਾਲ ਕਰਨ ਦੀ ਮੰਗ, ਪਰਗਟ ਸਿੰਘ ਨੇ PM ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਕਾਂਗਰਸੀ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ-ਪਾਕਿਸਤਾਨ ਵਿਚਕਾਰ ਵਪਾਰਕ ਗਤੀਵਿਧੀਆਂ ਬਹਾਲ ਕਰਨ ਦੀ ਮੰਗ ਉਠਾਈ ਹੈ। ਇਸ ਸਬੰਧੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਪਰਗਟ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਆਪਣੀ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿੱਖ ਸੰਗਤ ਲਈ ਬੇਹੱਦ ਧਾਰਮਿਕ ਅਤੇ ਅਧਿਆਤਮਿਕ ਮਹੱਤਵ ਰੱਖਦਾ ਹੈ। ਇਸ ਦੇ ਨਾਲ ਹੀ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਦੀ ਬਹਾਲੀ ਪੰਜਾਬ ਦੀ ਆਰਥਿਕਤਾ ਲਈ ਵੀ ਅਹਿਮ ਹੈ।

ਉਨ੍ਹਾਂ ਕਿਹਾ ਕਿ ਸਰਹੱਦ ਪਾਰ ਵਪਾਰ ਬੰਦ ਹੋਣ ਦਾ ਅਸਰ ਸਿਰਫ਼ ਵਪਾਰੀਆਂ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਕਿਸਾਨਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਵੀ ਪ੍ਰਭਾਵਿਤ ਹੁੰਦੀ ਹੈ।

ਪਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਦੇਸ਼ ਦੀ ਕੌਮੀ ਸੁਰੱਖਿਆ ਸਭ ਤੋਂ ਉੱਪਰ ਹੋਣੀ ਚਾਹੀਦੀ ਹੈ, ਪਰ ਇਸ ਦੇ ਨਾਲ ਹੀ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ, ਆਰਥਿਕ ਹਿੱਤਾਂ ਅਤੇ ਰੋਜ਼ਗਾਰ ਨਾਲ ਜੁੜੇ ਮੁੱਦਿਆਂ ਨੂੰ ਵੀ ਬਣਦਾ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਜ਼ਰੂਰੀ ਕੂਟਨੀਤਕ ਗੱਲਬਾਤ ਸ਼ੁਰੂ ਕੀਤੀ ਜਾਵੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਨਾਲ-ਨਾਲ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਲਈ ਠੋਸ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਵਡੇਰੇ ਹਿੱਤ ਵਿੱਚ ਹੋਵੇਗਾ