ਝੋਟਾ ਕਤਲ ਕਾਂਡ ’ਚ ਵੱਡਾ ਖੁਲਾਸਾ! ਮੁਲਜ਼ਮ ਅਸ਼ਵਨੀ ਦੀ ਪਤਨੀ ਨੇ ਕੀਤੇ ਵੱਡੇ ਖੁਲਾਸੇ

ਮਾਨਸਾ: ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਕਈ ਅਹਿਮ ਤੱਥ ਸਾਹਮਣੇ ਆਉਣ ਦਾ ਦਾਅਵਾ ਕੀਤਾ ਗਿਆ ਹੈ। ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ, ਨੀਲਮ ਰਾਣੀ ਨੂੰ ਆਪਣੇ ਪਤੀ ਦੇ ਕਥਿਤ ਇਰਾਦਿਆਂ ਬਾਰੇ ਜਾਣਕਾਰੀ ਸੀ, ਪਰ ਉਸ ਵੱਲੋਂ ਪੁਲਿਸ ਨੂੰ ਸੂਚਿਤ ਨਹੀਂ ਕੀਤਾ ਗਿਆ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ

ਮਾਨਸਾ ਦੇ SSP ਵੈਭਵ ਚੌਧਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਦੇ ਘਟਨਾਕ੍ਰਮ ਨੂੰ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ, ਕਤਲ ਤੋਂ ਕੁਝ ਮਿੰਟ ਪਹਿਲਾਂ ਅਸ਼ਵਨੀ ਕੁਮਾਰ ਨੇ ਆਪਣੇ ਚਾਚੇ ਅਤੇ ਇੱਕ ਹੋਰ ਨੌਜਵਾਨ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਸੀ। ਹੁਣ ਇਨ੍ਹਾਂ ਫ਼ੋਨ ਕਾਲਾਂ ਅਤੇ ਇਨ੍ਹਾਂ ਨਾਲ ਜੁੜੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ

ਵਾਰਦਾਤ ਤੋਂ ਬਾਅਦ ਬੁਲੇਟ ਮੋਟਰਸਾਈਕਲ ’ਤੇ ਹੋਇਆ ਸੀ ਫ਼ਰਾਰ

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਅਸ਼ਵਨੀ ਕੁਮਾਰ ਬੁਲੇਟ ਮੋਟਰਸਾਈਕਲ ’ਤੇ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਇਸ ਤੋਂ ਬਾਅਦ ਉਹ ਬੱਸ ਰਾਹੀਂ ਰਾਜਸਥਾਨ ਪਹੁੰਚਿਆ, ਜਿੱਥੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਾਂਚ ਏਜੰਸੀਆਂ ਹੁਣ ਉਸ ਦੀਆਂ ਗਤੀਵਿਧੀਆਂ ਅਤੇ ਵਾਰਦਾਤ ਨਾਲ ਸਬੰਧਤ ਹੋਰ ਪਹਿਲੂਆਂ ਦੀ ਜਾਂਚ ਕਰ ਰਹੀਆਂ ਹਨ

ਮੋਹਾਲੀ ਤੋਂ ਨਸ਼ੀਲੀਆਂ ਗੋਲੀਆਂ ਲਿਆਉਣ ਦੇ ਦੋਸ਼ਾਂ ਦੀ ਵੀ ਜਾਂਚ

ਇਸ ਮਾਮਲੇ ਵਿੱਚ ਇੱਕ ਹੋਰ ਅਹਿਮ ਪਹਿਲੂ ਨਸ਼ੀਲੀਆਂ ਦਵਾਈਆਂ ਦੀ ਕਥਿਤ ਸਪਲਾਈ ਨਾਲ ਜੁੜਿਆ ਹੋਇਆ ਹੈ। ਪੁਲਿਸ ਪੁੱਛਗਿੱਛ ਦੌਰਾਨ ਇਹ ਦਾਅਵਾ ਸਾਹਮਣੇ ਆਇਆ ਹੈ ਕਿ ਅਸ਼ਵਨੀ ਕੁਮਾਰ ਮੋਹਾਲੀ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਉਨ੍ਹਾਂ ਦੀ ਸਪਲਾਈ ਕਰਦਾ ਸੀ। ਪੁਲਿਸ ਇਸ ਸਬੰਧੀ ਤੱਥਾਂ ਦੀ ਪੜਤਾਲ ਕਰ ਰਹੀ ਹੈ

ਇਸ ਦੇ ਨਾਲ ਹੀ ਸਬੰਧਤ ਵਿਭਾਗਾਂ ਦੀ ਮਦਦ ਨਾਲ ਮੁਲਜ਼ਮ ਦੇ ਹਥਿਆਰਾਂ ਦੇ ਲਾਇਸੈਂਸ ਅਤੇ ਮੈਡੀਕਲ ਸਟੋਰ ਦੇ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਲਾਪਰਵਾਹੀ ਦੇ ਦੋਸ਼ਾਂ ’ਚ ਮਾਨਸਾ ਦੇ SHO ਮੁਅੱਤਲ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ਦਰਮਿਆਨ ਮਾਨਸਾ ਦੇ ਥਾਣਾ ਮੁਖੀ SHO ਨੂੰ ਵੀ ਲਾਪਰਵਾਹੀ ਦੇ ਦੋਸ਼ਾਂ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ