ਨਕੋਦਰ: ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸ਼ਰੀਂਹ ਵਿੱਚ ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਅਗਵਾਈ ਹੇਠ ਕਰਵਾਈ ਗਈ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਪੈਸਾ ਲੋਕਾਂ ਦੇ ਆਪਣੇ ਟੈਕਸਾਂ ਦਾ ਹੀ ਪੈਸਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਮੌਕੇ ਔਰਤਾਂ ਦੇ ਫੋਨਾਂ ’ਤੇ ਮੁੜ ਟੂੰ-ਟੂੰ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਆਉਣ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਲੋਕਾਂ ਦੀ ਬਜਾਏ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਦੇ ਹਿੱਤਾਂ ਬਾਰੇ ਸੋਚਦੇ ਰਹੇ ਹਨ।
ਰੁਜ਼ਗਾਰ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰਾਂ ਦਾ ਦਾਅਵਾ
ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ 70,865 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਹਿਰੀ ਪਾਣੀ ਦੀ ਬਿਹਤਰ ਵੰਡ ਕਰਕੇ ਹੁਣ 18,000 ਕਿਊਸਿਕ ਪਾਣੀ ਪੰਜਾਬ ਦੇ ਕਿਸਾਨਾਂ ਤੱਕ ਪਹੁੰਚ ਰਿਹਾ ਹੈ।
ਸਿੱਖਿਆ ਦੇ ਖੇਤਰ ਵਿੱਚ ਕੀਤੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮਾਮਲੇ ਵਿੱਚ 27ਵੇਂ ਸਥਾਨ ’ਤੇ ਰਹਿਣ ਵਾਲੇ ਪੰਜਾਬ ਨੂੰ ਪਿਛਲੇ ਸਾਲ ਪਹਿਲੇ ਸਥਾਨ ’ਤੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਸੜਕਾਂ ਦੀ ਉਸਾਰੀ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਵਰਗੇ ਕਦਮਾਂ ਨਾਲ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਅੱਗੇ ਵਧਾਇਆ ਜਾ ਰਿਹਾ ਹੈ।
ਅਕਾਲੀ ਦਲ ਅਤੇ ਕਾਂਗਰਸ ’ਤੇ ਤਿੱਖੇ ਸਿਆਸੀ ਹਮਲੇ
ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲੀ ਪਾਰਟੀ ਦੀ ਮੌਜੂਦਾ ਸਿਆਸੀ ਸਥਿਤੀ ਕਮਜ਼ੋਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਨਕਾਰੇ ਜਾਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕਾਂ ਤੋਂ ਮੁੜ ਮੌਕਾ ਦੇਣ ਦੀ ਅਪੀਲ ਕਰ ਰਹੇ ਹਨ।
ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਵੱਧ ਹਨ ਅਤੇ ਆਗੂ ਆਪਸ ਵਿੱਚ ਹੀ ਖਿੱਚੋਤਾਣ ਕਰ ਰਹੇ ਹਨ। ਉਨ੍ਹਾਂ ਕਾਂਗਰਸ ਦੀ ਮੌਜੂਦਾ ਹਾਲਤ ਦੀ ਤੁਲਨਾ 80 ਸਾਲ ਦੇ ਬਜ਼ੁਰਗ ਨਾਲ ਕੀਤੀ।
ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ
ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਸ਼ਰੀਂਹ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸਮੇਂ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਸਰਕਾਰੀ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।

