Breaking News
‘ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚ ਕਰ ਰਹੇ ਹਾਂ’, ਸਭਰਾਂ ਪਹੁੰਚੇ CM ਮਾਨ ਨੇ ਆਖੀ ਵੱਡੀ ਗੱਲ

‘ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚ ਕਰ ਰਹੇ ਹਾਂ’, ਸਭਰਾਂ ਪਹੁੰਚੇ CM ਮਾਨ ਨੇ ਆਖੀ ਵੱਡੀ ਗੱਲ

ਤਰਨਤਾਰਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਟੀ ਹਲਕੇ ਦੇ ਪਿੰਡ ਸਭਰਾਂ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਲੋਕਾਂ ਵੱਲੋਂ ਮਿਲੇ ਭਰਵੇਂ ਪਿਆਰ ਅਤੇ ਸਮਰਥਨ ਲਈ ਮੁੱਖ ਮੰਤਰੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਦੇ ਵਿਚਕਾਰ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਨਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਆਪਣੀ ਇਸ ਫੇਰੀ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਆਪਸ ਵਿੱਚ ਵੰਡ ਕੇ ਪੰਜਾਬ ਨੂੰ ਲੁੱਟਿਆ, ਜਦਕਿ ਮੌਜੂਦਾ ਸਰਕਾਰ ਦਾ ਮੁੱਖ ਟੀਚਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਹੈ।


ਪਿੰਡ ਦੇ ਵਿਕਾਸ ਲਈ ਪੰਚਾਇਤ ਨੂੰ ਸੌਂਪਿਆ 51 ਲੱਖ ਰੁਪਏ ਦਾ ਚੈੱਕ


ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਟੈਕਸਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਖਰਚ ਕਰ ਰਹੀ ਹੈ। ਇਸੇ ਤਹਿਤ ਪਿੰਡ ਸਭਰਾਂ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ।

ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਪੰਜਾਬ ਦੀ ਤਰੱਕੀ ਦੀ ਅਹਿਮ ਨੀਂਹ ਹੈ ਅਤੇ ਸਰਕਾਰ ਵੱਲੋਂ ਬੁਨਿਆਦੀ ਸਹੂਲਤਾਂ ਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।


‘ਸਾਫ਼ ਨੀਅਤ ਅਤੇ ਲੋਕਾਂ ਦੇ ਸਾਥ ਨਾਲ ਬਣਾਵਾਂਗੇ ਰੰਗਲਾ ਪੰਜਾਬ’


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਯਤਨ ਜਾਰੀ ਰਹਿਣਗੇ।