
ਪੰਜਾਬ ਕਾਂਗਰਸ ਨੇ ਬਣਾਈ 4 ਮੈਂਬਰੀ ਉੱਚ ਪੱਧਰੀ ਕਮੇਟੀ, ਦੂਜੀਆਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ’ਤੇ ਰੱਖੇਗੀ ਨਜ਼ਰ
ਚੰਡੀਗੜ੍ਹ: ਪੰਜਾਬ ਵਿੱਚ ਆਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਨੇ ਆਪਣੀ ਜਥੇਬੰਦਕ ਮਜ਼ਬੂਤੀ ਲਈ ਨਵੀਂ ਪਹਿਲ ਕੀਤੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਵੱਲੋਂ ਦੂਜੀਆਂ ਸਿਆਸੀ ਪਾਰਟੀਆਂ ਤੋਂ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਚਾਰ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ।


ਜਾਰੀ ਦਫ਼ਤਰੀ ਹੁਕਮਾਂ ਅਨੁਸਾਰ ਇਸ ਕਮੇਟੀ ਵਿੱਚ ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਹਰਦੇਵ ਸਿੰਘ ਲਾਡੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਵਿੱਚ ਵਿਜੇ ਇੰਦਰ ਸਿੰਗਲਾ ਸੀ.ਡਬਲਯੂ.ਸੀ. ਦੇ ਮੈਂਬਰ ਹਨ, ਅਰੁਣਾ ਚੌਧਰੀ ਵਿਧਾਇਕਾ ਅਤੇ ਸੀ.ਐੱਲ.ਪੀ. ਦੀ ਉਪ ਆਗੂ ਹਨ, ਜਦਕਿ ਕੁਸ਼ਲਦੀਪ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਹਰਦੇਵ ਸਿੰਘ ਲਾਡੀ ਮੌਜੂਦਾ ਵਿਧਾਇਕ ਹਨ।
ਇਹ ਕਮੇਟੀ ਹੋਰਨਾਂ ਪਾਰਟੀਆਂ ਦੇ ਉਨ੍ਹਾਂ ਆਗੂਆਂ ਦੀ ਕਾਂਗਰਸ ਵਿੱਚ ਸ਼ਮੂਲੀਅਤ ਦੀ ਪ੍ਰਕਿਰਿਆ ਦਾ ਤਾਲਮੇਲ ਅਤੇ ਨਿਗਰਾਨੀ ਕਰੇਗੀ, ਜੋ ਪਾਰਟੀ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਹਨ। ਇਸ ਦੇ ਨਾਲ ਹੀ ਕਾਂਗਰਸ ਨੇ ਹਦਾਇਤ ਕੀਤੀ ਹੈ ਕਿ ਕਿਸੇ ਵੀ ਨਵੇਂ ਆਗੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਸਬੰਧਤ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਲ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਹੋਵੇਗਾ।
ਪਾਰਟੀ ਦੇ ਇਸ ਫੈਸਲੇ ਦਾ ਮੁੱਖ ਮਕਸਦ ਨਵੇਂ ਆਗੂਆਂ ਦੀ ਐਂਟਰੀ ਦੌਰਾਨ ਸਥਾਨਕ ਲੀਡਰਸ਼ਿਪ ਅਤੇ ਪੁਰਾਣੇ ਕਾਂਗਰਸੀ ਵਰਕਰਾਂ ਦੀ ਰਾਏ ਨੂੰ ਮਹੱਤਵ ਦੇਣਾ ਹੈ। ਇਸ ਪ੍ਰਕਿਰਿਆ ਰਾਹੀਂ ਪਾਰਟੀ ਅੰਦਰ ਸੰਭਾਵਿਤ ਮਤਭੇਦਾਂ ਨੂੰ ਘਟਾਉਣ ਅਤੇ ਨਵੇਂ ਆਗੂਆਂ ਦੀ ਸ਼ਮੂਲੀਅਤ ਨੂੰ ਤੈਅ ਨਿਯਮਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਦਫ਼ਤਰੀ ਹੁਕਮਾਂ ਮੁਤਾਬਕ ਚਾਰ ਮੈਂਬਰੀ ਇਸ ਕਮੇਟੀ ਦਾ ਗਠਨ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।



