
ਅਗਲੇ 15 ਦਿਨਾਂ ’ਚ ਆ ਸਕਦੀ ਹੈ ਪੰਜਾਬ ਕਾਂਗਰਸ ਦੀ ਪਹਿਲੀ ਉਮੀਦਵਾਰ ਸੂਚੀ: ਲਾਡੀ ਸ਼ੇਰੋਵਾਲੀਆ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਸੰਕੇਤ ਦਿੱਤਾ ਹੈ ਕਿ ਕਾਂਗਰਸ ਦੀ ਪਹਿਲੀ ਉਮੀਦਵਾਰ ਸੂਚੀ ਅਗਲੇ 15 ਦਿਨਾਂ ਦੇ ਅੰਦਰ ਜਾਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਲਈ ਸਰਵੇ ਕਰਵਾਏ ਜਾ ਰਹੇ ਹਨ ਅਤੇ ਸਥਾਨਕ ਆਗੂਆਂ ਦੇ ਨਾਲ-ਨਾਲ ਸੂਬਾ ਪੱਧਰ ’ਤੇ ਵੀ ਫੀਡਬੈਕ ਇਕੱਠਾ ਕੀਤਾ ਜਾ ਰਿਹਾ ਹੈ।
‘ਜਵਾਨੀ ਸੰਭਾਲ ਯਾਤਰਾ‘ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ
ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਬਾਰੇ ਗੱਲ ਕਰਦਿਆਂ ਲਾਡੀ ਸ਼ੇਰੋਵਾਲੀਆ ਨੇ ਦਾਅਵਾ ਕੀਤਾ ਕਿ ਯਾਤਰਾ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਨਿੱਜੀ ਵਾਹਨਾਂ ਰਾਹੀਂ ਯਾਤਰਾ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਇਸ ਲਈ ਪਾਰਟੀ ਨੂੰ ਵੱਖਰੇ ਆਵਾਜਾਈ ਪ੍ਰਬੰਧ ਕਰਨ ਦੀ ਲੋੜ ਨਹੀਂ ਪੈ ਰਹੀ।
ਉਨ੍ਹਾਂ ਮੁਤਾਬਕ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਦਾ ਹੈ ਕਿ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਇਲਾਕੇ ਵਿੱਚੋਂ ਲੰਘ ਰਹੇ ਹਨ, ਉਹ ਖੁਦ ਹੀ ਯਾਤਰਾ ਦੇ ਵੱਖ-ਵੱਖ ਪੜਾਵਾਂ ’ਤੇ ਪਹੁੰਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕੇ ਦੇ ਲੋਕ ਵੀ ਇਸ ਯਾਤਰਾ ਦੀ ਉਡੀਕ ਕਰ ਰਹੇ ਹਨ।
ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਅਤੇ ‘ਆਪ‘ ਨੂੰ ਘੇਰਿਆ
ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲਾਡੀ ਸ਼ੇਰੋਵਾਲੀਆ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਭਾਜਪਾ ਆਗੂ ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਕਹਿਣਾ ਕਿ ਸੂਬੇ ਵਿੱਚ ਉਸ ਦੀ ਸਰਕਾਰ ਬਣਨ ਤੋਂ ਬਾਅਦ ਹੀ ਨਸ਼ਾ ਖ਼ਤਮ ਹੋਵੇਗਾ, ਪੰਜਾਬ ਦੇ ਲੋਕਾਂ ਨਾਲ ਭੇਦਭਾਵ ਕਰਨ ਵਾਲੀ ਗੱਲ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਹੱਦ ’ਤੇ ਬੀਐੱਸਐੱਫ ਦੀ ਨਿਗਰਾਨੀ ਹੋਣ ਦੇ ਬਾਵਜੂਦ ਨਸ਼ਾ ਤਸਕਰੀ ਜਾਰੀ ਹੈ, ਜਿਸ ਦਾ ਖਮਿਆਜ਼ਾ ਪੰਜਾਬ ਦੀ ਨੌਜਵਾਨ ਪੀੜ੍ਹੀ ਭੁਗਤ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2017 ਤੋਂ 2022 ਤੱਕ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ’ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਸੀ।
ਲਾਡੀ ਸ਼ੇਰੋਵਾਲੀਆ ਨੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕੁਝ ਪੁਲਿਸ ਮੁਲਾਜ਼ਮਾਂ ਦੀ ਕਥਿਤ ਸ਼ਮੂਲੀਅਤ ਨੂੰ ਵੀ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਪਾਲਾ ਜਲਾਲਪੁਰ ਨਾਲ ਮੁਕਾਬਲੇ ਬਾਰੇ ਦਿੱਤਾ ਇਹ ਬਿਆਨ
ਸ਼ਾਹਕੋਟ ਵਿਧਾਨ ਸਭਾ ਹਲਕੇ ਵਿੱਚ ਕਬੱਡੀ ਖਿਡਾਰੀ ਪਾਲਾ ਜਲਾਲਪੁਰ ਨਾਲ ਸੰਭਾਵਿਤ ਚੋਣੀ ਮੁਕਾਬਲੇ ਬਾਰੇ ਪੁੱਛੇ ਜਾਣ ’ਤੇ ਲਾਡੀ ਸ਼ੇਰੋਵਾਲੀਆ ਨੇ ਦਿਲਚਸਪ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਮੁਕਾਬਲਾ ਸਖ਼ਤ ਹੋਣਾ ਚਾਹੀਦਾ ਹੈ, ਕਿਉਂਕਿ ਇਸੇ ਨਾਲ ਚੋਣਾਂ ਦਾ ਅਸਲ ਮਜ਼ਾ ਆਉਂਦਾ ਹੈ।
ਉਨ੍ਹਾਂ ਪਾਲਾ ਜਲਾਲਪੁਰ ਨੂੰ ਆਪਣਾ ਛੋਟਾ ਭਰਾ ਦੱਸਦਿਆਂ ਕਿਹਾ ਕਿ ਚੋਣਾਂ ਦਾ ਅੰਤਿਮ ਫੈਸਲਾ ਕਿਸੇ ਸਿਆਸੀ ਆਗੂ ਨੇ ਨਹੀਂ, ਬਲਕਿ ਸ਼ਾਹਕੋਟ ਹਲਕੇ ਦੇ ਵੋਟਰਾਂ ਨੇ ਕਰਨਾ ਹੈ।



