ਚੰਡੀਗੜ੍ਹ : ਪੰਜਾਬ ਦੀ ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਅਤੇ ਸੁਧਾਰਾਂ ਨੂੰ ਲੈ ਕੇ ਆਮ ਆਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਟਵਿੱਟਰ) ‘ਤੇ ਇੱਕ ਅਹਿਮ ਪੋਸਟ ਸਾਂਝੀ ਕੀਤੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਮੌਜੂਦਾ ਸਰਕਾਰ ਦੀਆਂ ਸਿੱਖਿਆ ਨੀਤੀਆਂ ਸਦਕਾ ਪੰਜਾਬ ਅੱਜ ਸਕੂਲੀ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਗਿਆ ਹੈ
ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੀਆਂ ਪੁਰਾਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸਿੱਖਿਆ ਦੇ ਡਿੱਗ ਰਹੇ ਪੱਧਰ ‘ਤੇ ਵੀ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ।
ਪੁਰਾਣੀਆਂ ਸਰਕਾਰਾਂ ‘ਤੇ ਸਾਧਿਆ ਨਿਸ਼ਾਨਾ
ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਅਰਵਿੰਦ ਕੇਜਰੀਵਾਲ ਨੇ ਅਤੀਤ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਗਠਜੋੜ ਵਾਲੀ ਪੁਰਾਣੀ ਸਰਕਾਰ ਦੇ ਸਮੇਂ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ 22ਵੇਂ ਨੰਬਰ ‘ਤੇ ਖਿਸਕ ਗਿਆ ਸੀ।
ਉਨ੍ਹਾਂ ਅੱਗੇ ਲਿਖਿਆ ਕਿ ਇਸ ਤੋਂ ਬਾਅਦ ਜਦੋਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਈ, ਤਾਂ ਸਥਿਤੀ ਹੋਰ ਵੀ ਖ਼ਰਾਬ ਹੋ ਗਈ ਅਤੇ ਪੰਜਾਬ ਦੀ ਰੈਂਕਿੰਗ ਹੋਰ ਡਿੱਗ ਕੇ 27ਵੇਂ ਸਥਾਨ ‘ਤੇ ਪਹੁੰਚ ਗਈ ਸੀ। ਉਨ੍ਹਾਂ ਮੁਤਾਬਕ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦਾ ਸਰਕਾਰੀ ਸਿੱਖਿਆ ਢਾਂਚਾ ਪੂਰੀ ਤਰ੍ਹਾਂ ਲੀਹੋਂ ਲੱਥ ਚੁੱਕਾ ਸੀ।
‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ
ਕੇਜਰੀਵਾਲ ਨੇ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਿੱਖਿਆ ਦੇ ਬਜਟ ਅਤੇ ਸਕੂਲੀ ਢਾਂਚੇ ਵਿੱਚ ਕ੍ਰਾਂਤੀਕਾਰੀ ਬਦਲਾਅ ਕੀਤੇ ਗਏ ਹਨ। ‘ਸਕੂਲ ਆਫ਼ ਐਮੀਨੈਂਸ’ ਵਰਗੀਆਂ ਪਹਿਲਕਦਮੀਆਂ, ਅਧਿਆਪਕਾਂ ਦੀ ਪੱਕੀ ਭਰਤੀ ਅਤੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੇ ਜਾਣ ਸਦਕਾ ਅੱਜ ਪੰਜਾਬ ਨੇ ਵੱਡੀ ਛਾਲ ਮਾਰੀ ਹੈ ਅਤੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਅਰਵਿੰਦ ਕੇਜਰੀਵਾਲ ਦਾ ਬਿਆਨ:
“ਜਿਹੜਾ ਪੰਜਾਬ SAD-BJP ਦੇ ਰਾਜ ਵਿੱਚ ਸਕੂਲੀ ਸਿੱਖਿਆ ਵਿੱਚ 22ਵੇਂ ਨੰਬਰ ‘ਤੇ ਸੀ, ਅਤੇ ਫਿਰ ਕਾਂਗਰਸ ਦੇ ਰਾਜ ਵਿੱਚ ਡਿੱਗ ਕੇ 27ਵੇਂ ਨੰਬਰ ‘ਤੇ ਪਹੁੰਚ ਗਿਆ ਸੀ, ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਉਹੀ ਪੰਜਾਬ ਦੇਸ਼ ਦਾ ਨੰਬਰ 1 ਸੂਬਾ ਬਣ ਚੁੱਕਾ ਹੈ।”
