
ਪੰਜਾਬ ਸਰਕਾਰ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨ ਦਾ ਫੈਸਲਾ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਪ੍ਰਸਿੱਧ ਟੀਵੀ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਸਮੀ ਐਲਾਨ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦੌਰਾਨ ਪੰਜਾਬ ਦੇ ਇਤਿਹਾਸ, ਸੱਭਿਆਚਾਰ, ਭਾਸ਼ਾ, ਵਿਰਾਸਤ ਅਤੇ ਪੰਜਾਬੀਅਤ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਮੁਕਾਬਲੇ ਦੇ ਜੇਤੂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਤੱਕ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਸਰਕਾਰ ਦੀ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਇਤਿਹਾਸ, ਮਾਂ-ਬੋਲੀ ਪੰਜਾਬੀ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਵਿੱਚ ਗਿਆਨ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਵੀ ਇਸ ਮੁਕਾਬਲੇ ਦਾ ਅਹਿਮ ਮਕਸਦ ਹੈ।
‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਰਾਹੀਂ ਸਰਕਾਰ ਨੌਜਵਾਨਾਂ ਨੂੰ ਆਪਣੀ ਮਿੱਟੀ, ਬੋਲੀ ਅਤੇ ਵਿਰਸੇ ਬਾਰੇ ਜਾਣਨ ਦਾ ਇੱਕ ਨਵਾਂ ਮੰਚ ਮੁਹੱਈਆ ਕਰਵਾਉਣ ਜਾ ਰਹੀ ਹੈ। ਮੁੱਖ ਮੰਤਰੀ ਵੱਲੋਂ ਕੀਤੇ ਜਾਣ ਵਾਲੇ ਐਲਾਨ ਤੋਂ ਬਾਅਦ ਇਸ ਮੁਕਾਬਲੇ ਦੇ ਨਿਯਮਾਂ ਅਤੇ ਭਾਗ ਲੈਣ ਦੀ ਪ੍ਰਕਿਰਿਆ ਬਾਰੇ ਹੋਰ ਵੇਰਵੇ ਸਾਹਮਣੇ ਆਉਣ ਦੀ ਉਮੀਦ ਹੈ।



