ਲੰਬੀ: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਬੇਮੌਸਮੀ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਤੋਂ ਬਾਅਦ ਯੋਗ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਖੁੱਡੀਆਂ ਨੇ ਇਹ ਭਰੋਸਾ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਾਨ, ਬਿੱਡੋਵਾਲੀ, ਚੰਨੂੰ, ਰੋੜਾਂਵਾਲੀ, ਫੱਤੂਹੀ ਖੇੜਾ ਅਤੇ ਦਿਓਣ ਖੇੜਾ ਵਿੱਚ ਮੀਂਹ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕਰਦਿਆਂ ਦਿੱਤਾ। ਉਨ੍ਹਾਂ ਨੇ ਖੇਤਾਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਘਬਰਾਉਣ ਦੀ ਬਜਾਏ ਹੌਸਲਾ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਉਨ੍ਹਾਂ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਜਲਦੀ ਹੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਨੁਕਸਾਨ ਦੇ ਆਧਾਰ ’ਤੇ ਯੋਗ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਖੁੱਡੀਆਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪ੍ਰਭਾਵਿਤ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਖੇਤਾਂ ਵਿੱਚ ਫ਼ਸਲਾਂ ਦਾ 100 ਫ਼ੀਸਦੀ ਨੁਕਸਾਨ ਹੋਇਆ ਹੈ, ਗਿਰਦਾਵਰੀ ਦੌਰਾਨ ਨੁਕਸਾਨ ਵੀ ਉਸੇ ਅਨੁਪਾਤ ਵਿੱਚ ਦਰਜ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਅਸਲ ਨੁਕਸਾਨ ਅਨੁਸਾਰ ਰਾਹਤ ਮਿਲ ਸਕੇ।
