ਅੰਮ੍ਰਿਤਸਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ 10 ਵਿਦੇਸ਼ੀ .30 ਬੋਰ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਾਂਝੀ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਲਜੀਤ ਸਿੰਘ ਅਤੇ ਗੁਰਜੰਟ ਸਿੰਘ, ਦੋਵੇਂ ਵਾਸੀ ਪਿੰਡ ਸਿੰਘੋਕੀ, ਜ਼ਿਲ੍ਹਾ ਅੰਮ੍ਰਿਤਸਰ, ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਨਿਸੋਕੇ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਹਥਿਆਰਾਂ ਦੀ ਤਸਕਰੀ ਲਈ ਵਰਤਿਆ ਜਾ ਰਿਹਾ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਅਨੁਸਾਰ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ। ਦੱਸਿਆ ਜਾ ਰਿਹਾ ਹੈ ਕਿ ਹੈਂਡਲਰ ਪੁਲਿਸ ਦੀ ਨਿਗਰਾਨੀ ਤੋਂ ਬਚਣ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਏਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਹਥਿਆਰ ਅੱਗੇ ਇੱਕ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਣੇ ਸਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਦਲਜੀਤ ਸਿੰਘ ਅਤੇ ਅਰਸ਼ਦੀਪ ਸਿੰਘ ਆਪਣੇ ਸਾਥੀ ਗੁਰਜੰਟ ਸਿੰਘ ਨਾਲ ਮਿਲ ਕੇ ਰਾਮਦਾਸ ਸੈਕਟਰ ਵਿੱਚ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਚੁੱਕੇ ਹਨ। ਉਹ ਕਥਿਤ ਤੌਰ ’ਤੇ ਇਹ ਖੇਪ ਅੱਗੇ ਪਹੁੰਚਾਉਣ ਲਈ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਵੇਰਕਾ ਬਾਈਪਾਸ ਵੱਲ ਜਾ ਰਹੇ ਸਨ।
ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਵੇਰਕਾ ਬਾਈਪਾਸ ’ਤੇ ਫਤਿਹਗੜ੍ਹ ਸ਼ੁਕਰਚੱਕ ਅੰਡਰਬ੍ਰਿਜ ਨੇੜੇ ਤਿੰਨਾਂ ਮੁਲਜ਼ਮਾਂ ਨੂੰ ਰੋਕ ਕੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਵਿਦੇਸ਼ੀ .30 ਬੋਰ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ।
ਪੰਜਾਬ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਥਿਆਰਾਂ ਦੀ ਤਸਕਰੀ ਦੇ ਪੂਰੇ ਨੈੱਟਵਰਕ, ਵਿਦੇਸ਼ੀ ਹੈਂਡਲਰ ਅਤੇ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
