ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ - Punjab Nation TV

ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਨਵਾਂ ਸ਼ਹਿਰ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ ਸਾਹਮਣੇ ਆਈਆਂ 19 ਘਟਨਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਨ੍ਹਾਂ ਵਿੱਚੋਂ 17 ਘਟਨਾਵਾਂ ਸਬ ਡਿਵੀਜ਼ਨ ਬੰਗਾ ਅਤੇ 2 ਘਟਨਾਵਾਂ ਸਬ ਡਿਵੀਜ਼ਨ ਨਵਾਂ ਸ਼ਹਿਰ ਨਾਲ ਸਬੰਧਤ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤੀ ਜਾਵੇ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਉੱਥੋਂ ਦੇ ਸਬੰਧਤ ਕਲੱਸਟਰ ਅਫ਼ਸਰਾਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਆਉਣ ਵਾਲੀਆਂ ਪੀੜ੍ਹੀਆਂ ‘ਤੇ ਮਾੜਾ ਪ੍ਰਭਾਵ ਪੈਂਦਾ ਹੈ।

ਇਸ ਮੌਕੇ ਪੁਲਿਸ ਵਿਭਾਗ ਵੱਲੋਂ ਐਸ.ਪੀ. (ਹੈੱਡਕੁਆਰਟਰ) ਹਰਕਮਲ ਕੌਰ ਨੇ ਦੱਸਿਆ ਕਿ ਪਿੰਡਾਂ ਵਿੱਚ ਪੁਲਿਸ ਵੱਲੋਂ ਰੋਜ਼ਾਨਾ ਗਸ਼ਤ ਕੀਤੀ ਜਾਵੇਗੀ। ਜੇਕਰ ਕੋਈ ਵੀ ਵਿਅਕਤੀ ਪਰਾਲੀ ਨੂੰ ਅੱਗ ਲਗਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਲਗਾਤਾਰ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ।