
BJP ਆਗੂ ਰਾਜਿੰਦਰ ਗੁਪਤਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਇੰਡੀਆ ਦੇ ਸੰਸਥਾਪਕ ਚੇਅਰਮੈਨ ਰਾਜਿੰਦਰ ਗੁਪਤਾ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ, ਸੂਬੇ ਦੇ ਵਿਕਾਸ ਦੀਆਂ ਤਰਜੀਹਾਂ, ਆਰਥਿਕ ਸੰਭਾਵਨਾਵਾਂ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ
ਮਿਲੀ ਜਾਣਕਾਰੀ ਅਨੁਸਾਰ, ਇਸ ਮੁਲਾਕਾਤ ਦੌਰਾਨ ਰਾਜਿੰਦਰ ਗੁਪਤਾ ਨੇ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਪੰਜਾਬ ਦੇ ਵਿਕਾਸ ਦੇ ਉਦੇਸ਼ ਲਈ ਅਮਿਤ ਸ਼ਾਹ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਦੇ ਪੰਜਾਬ ਵਿੱਚ ਵੱਡੇ ਸਿਆਸੀ ਮਿਸ਼ਨ ‘ਮਿਸ਼ਨ ਪੰਜਾਬ’ ਵਿੱਚ ਆਪਣਾ ਯੋਗਦਾਨ ਪਾਉਣ ਦੀ ਵਚਨਬੱਧਤਾ ਪ੍ਰਗਟਾਈ
2027 ਦੀਆਂ ਚੋਣਾਂ ਲਈ ਭਾਜਪਾ ਨੇ ਤੇਜ਼ ਕੀਤੀਆਂ ਤਿਆਰੀਆਂ
ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨਾਤਮਕ ਅਤੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। 23 ਨਵੰਬਰ ਨੂੰ ਪੰਜਾਬ ਭਾਜਪਾ ਨੇ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣ ਤਿਆਰੀਆਂ ਦਾ ਤਾਲਮੇਲ ਕਰਨ ਵਾਸਤੇ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਹੈ
ਇਸ ਤੋਂ ਇਲਾਵਾ ਪਾਰਟੀ ਵੱਲੋਂ ਸੂਬੇ ਭਰ ਵਿੱਚ ਲੋਕਾਂ ਨਾਲ ਸੰਪਰਕ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਚੋਣ ਮਨੋਰਥ ਪੱਤਰ ਲਈ ਸੁਝਾਅ ਲਏ ਜਾ ਰਹੇ ਹਨ



