
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ CM ਭਗਵੰਤ ਮਾਨ ਨੇ ਭੇਟ ਕੀਤੀ ਸ਼ਰਧਾਂਜਲੀ
ਖੇਡ ਮੇਲੇ ਵਿੱਚ ਕੀਤੀ ਸ਼ਿਰਕਤ, ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ; ਖੇਡ ਕਲੱਬ ਨੂੰ 51 ਲੱਖ ਰੁਪਏ ਦੀ ਗ੍ਰਾਂਟ ਸੌਂਪੀ
ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੀ ਯਾਦ ਵਿੱਚ ਕਰਵਾਏ ਗਏ ਖੇਡ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਮਹਾਨ ਇਨਕਲਾਬੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਤਮਸਤਕ ਹੋਏ।
ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਜਿਸ ਮਹਾਨ ਸੂਰਬੀਰ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਚੁੰਮ ਲਿਆ, ਉਸ ਦੀ ਕੁਰਬਾਨੀ ਦਾ ਕਰਜ਼ਾ ਕਦੇ ਨਹੀਂ ਉਤਾਰਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਪਿੰਡ ਸਰਾਭਾ ਨੂੰ ਮਿਲੀਆਂ ਦੋ ਵੱਡੀਆਂ ਸੌਗਾਤਾਂ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ‘ਆਮ ਆਦਮੀ ਕਲੀਨਿਕ’ ਦੀ ਸੌਗਾਤ ਦਿੱਤੀ। ਇਸ ਦੇ ਨਾਲ ਹੀ ਪਿੰਡ ਦੇ ਖੇਡ ਕਲੱਬ ਨੂੰ ਖੇਡ ਗਤੀਵਿਧੀਆਂ ਅਤੇ ਬੁਨਿਆਦੀ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਲਈ 51 ਲੱਖ ਰੁਪਏ ਦੀ ਗ੍ਰਾਂਟ ਵੀ ਸੌਂਪੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਖੇਡਾਂ ਨਾਲ ਜੋੜਨ ਅਤੇ ਪੰਜਾਬ ਦੇ ਅਮੀਰ ਇਤਿਹਾਸ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦਾ ਸੱਦਾ
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਨੇ ਜਿਸ ਆਜ਼ਾਦ, ਖੁਸ਼ਹਾਲ ਅਤੇ ਤਰੱਕੀਸ਼ੀਲ ਪੰਜਾਬ ਦਾ ਸੁਪਨਾ ਦੇਖਿਆ ਸੀ, ਉਸ ਨੂੰ ਸਾਕਾਰ ਕਰਨ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ।
ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਓ, ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰੀਏ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜੀਏ।



