ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਸੂਬੇ ਵਿੱਚ ਜਾਣਬੁੱਝ ਕੇ ਝੂਠ ਅਤੇ ਅਫ਼ਵਾਹਾਂ ਫੈਲਾ ਰਹੀਆਂ ਹਨ
ਬਲਬੀਰ ਨੇ ਸਪੱਸ਼ਟ ਕੀਤਾ ਕਿ ਫਾਰਮੇਸੀ ਅਫਸਰ ਦੀ ਪ੍ਰੀਖਿਆ ਦੌਰਾਨ ਕੋਈ ਪੇਪਰ ਲੀਕ ਨਹੀਂ ਹੋਇਆ, ਸਗੋਂ ਪ੍ਰੀਖਿਆ ਕੇਂਦਰ ਵਿੱਚ ਉੱਚ-ਤਕਨੀਕੀ (ਹਾਇ-ਟੈਕ) ਤਰੀਕਿਆਂ ਨਾਲ ਨਕਲ ਮਾਰਨ ਦੀ ਕੋਸ਼ਿਸ਼ ਕਰਨ ਵਾਲਾ ਇੱਕ ਗਿਰੋਹ ਰੰਗੇ ਹੱਥੀਂ ਫੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਕਲ ਦੇ ਇਸ ਅਸਫ਼ਲ ਯਤਨ ਨੂੰ ਪੇਪਰ ਲੀਕ ਦਾ ਨਾਂ ਦੇ ਕੇ Gen-Z ਨੂੰ ਗੁਮਰਾਹ ਕੀਤਾ ਜਾ ਰਿਹਾ ਹੈ
