ਹਲਵਾਰਾ, ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਲਗਾਏ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਜਾਣ ਵਾਲੇ ਲੋਕਾਂ ਨੂੰ ਰੋਕਣ ਦੇ ਮੱਦੇਨਜ਼ਰ ਹਲਵਾਰਾ ਵਿਖੇ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।
ਹਲਵਾਰਾ ਦੇ ਮੁੱਖ ਚੌਕ ਵਿੱਚ ਗੁਰਦੁਆਰਾ ਕੇਂਦਰੀ ਸਾਹਿਬ ਦੇ ਨੇੜੇ ਲਗਾਏ ਗਏ ਇਸ ਨਾਕੇ ਦੀ ਅਗਵਾਈ ਡੀ.ਐੱਸ.ਪੀ. ਕੁਲਵੰਤ ਸਿੰਘ ਨੇ ਕੀਤੀ। ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਚੌਕ ਵਿੱਚੋਂ ਲੰਘਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਵਾਹਨਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਸੀ।
ਉੱਧਰ, ਪੁਲਿਸ ਦੀ ਇਸ ਵਿਸ਼ੇਸ਼ ਨਾਕਾਬੰਦੀ ਕਾਰਨ ਹਲਵਾਰਾ ਦੇ ਮੁੱਖ ਚੌਕ ਵਿੱਚ ਆਵਾਜਾਈ ਪ੍ਰਭਾਵਿਤ ਰਹੀ। ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਆਵਾਜਾਈ ਦੀ ਰਫ਼ਤਾਰ ਵੀ ਮੱਠੀ ਪੈ ਗਈ।
