
ਭਾਦਸੋਂ ਵਿੱਚ 1.25 ਕਰੋੜ ਦੀ ਲਾਗਤ ਨਾਲ ਬਣਿਆ ਸਪੋਰਟਸ ਕੰਪਲੈਕਸ ਵਿਦਿਆਰਥੀਆਂ ਨੂੰ ਸਮਰਪਿਤ
ਭਾਦਸੋਂ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਕਈ ਅਹਿਮ ਉਪਲਬਧੀਆਂ ਹਾਸਲ ਕੀਤੀਆਂ ਹਨ ਅਤੇ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਥਾਂ ਬਣਾ ਰਿਹਾ ਹੈ।
ਵਿੱਤ ਮੰਤਰੀ ਅੱਜ ਭਾਦਸੋਂ ਦੇ ਸਕੂਲ ਆਫ਼ ਐਮੀਨੈਂਸ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸ. ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਹ ਖੇਡ ਕੰਪਲੈਕਸ ਕਰਤਾਰ ਕੰਬਾਇਨ ਐਂਡ ਟ੍ਰੈਕਟਰਜ਼ ਇੰਡਸਟਰੀ ਵੱਲੋਂ ਤਿਆਰ ਕਰਵਾਇਆ ਗਿਆ ਹੈ। ਇਸ ਮੌਕੇ ਕਰਤਾਰ ਐਗਰੋ ਦੇ ਐਮਡੀ ਅਤੇ ਚੇਅਰਮੈਨ ਅਮਰਜੀਤ ਸਿੰਘ ਲੋਟੇ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਸਮਾਗਮ ਦੌਰਾਨ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੋਂ ਇਲਾਵਾ ਕਰਤਾਰ ਐਗਰੋ ਦੇ ਡਾਇਰੈਕਟਰ ਹਰਵਿੰਦਰ ਸਿੰਘ ਲੋਟੇ, ਹਰਮੀਤ ਸਿੰਘ ਲੋਟੇ, ਮਨਜੀਤ ਸਿੰਘ ਲੋਟੇ, ਮਨਪ੍ਰੀਤ ਸਿੰਘ ਲੋਟੇ, ਸੁਖਦੇਵ ਸਿੰਘ ਲੋਟੇ, ਇੰਦਰਜੀਤ ਸਿੰਘ ਲੋਟੇ ਅਤੇ ਫੀਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਵੀ ਹਾਜ਼ਰ ਸਨ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਰਤਾਰ ਐਗਰੋ ਵੱਲੋਂ ਸਮਾਜ ਸੇਵਾ ਅਤੇ ਖ਼ਾਸ ਕਰਕੇ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਰਤਾਰ ਐਗਰੋ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਵਿੱਚ ਆਪਣੀ ਵਿਸ਼ੇਸ਼ ਪਛਾਣ ਰੱਖਦੀ ਹੈ, ਪਰ ਕੰਪਨੀ ਨੇ ਉਦਯੋਗਿਕ ਖੇਤਰ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਅਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਅਹਿਮ ਪਹਿਲ ਕੀਤੀ ਹੈ। ਉਨ੍ਹਾਂ ਹੋਰਨਾਂ ਉਦਯੋਗਿਕ ਘਰਾਣਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਭਲਾਈ ਦੇ ਕੰਮਾਂ ਵਿੱਚ ਅੱਗੇ ਆ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਇਸੇ ਦਾ ਨਤੀਜਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤੇ ਗਏ ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਦਾ ਮੌਕਾ ਪ੍ਰਦਾਨ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ, 361 ਨੇ ਜੇਈਈ ਮੇਨਜ਼ ਅਤੇ 64 ਵਿਦਿਆਰਥੀਆਂ ਨੇ ਜੇਈਈ ਐਡਵਾਂਸ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ, ਜਿਸ ਨੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਮੁੱਖ ਵਿਸ਼ੇ ਵਜੋਂ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਹੈ।
ਚੀਮਾ ਨੇ ਦੱਸਿਆ ਕਿ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਵੀ ਪੰਜਾਬ ਨੂੰ ਦੇਸ਼ ਦੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 (2024-25) ਵਿੱਚ ਵੀ ਪੰਜਾਬ ਨੇ ਮੋਹਰੀ ਸੂਬਿਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ।
ਖੇਡਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3,000 ਤੋਂ ਵੱਧ ਖੇਡ ਮੈਦਾਨ ਤਿਆਰ ਕੀਤੇ ਗਏ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਭਾਦਸੋਂ ਵਿਖੇ ਸਥਾਪਤ ਕੀਤਾ ਗਿਆ ਸ. ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਉੱਤਮ ਮੌਕੇ ਪ੍ਰਦਾਨ ਕਰੇਗਾ।



