15 ਕਿਲੋ ਹੈਰੋਇਨ ਸਮੇਤ ਪੰਜਾਬ ਪੁਲਿਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਕੀਮਤ ਲਗਭਗ 100 ਕਰੋੜ

ਤਰਨਤਾਰਨ: ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਦੌਰਾਨ BSF (ਸੀਮਾ ਸੁਰੱਖਿਆ ਬਲ) ਅਤੇ NCB (ਨਾਰਕੋਟਿਕਸ ਕੰਟਰੋਲ ਬਿਊਰੋ) ਦੀ ਸਾਂਝੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਤਰਨਤਾਰਨ ਦੇ ਸਰਹੱਦੀ ਇਲਾਕੇ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਨੂੰ ਕਥਿਤ ਤੌਰ ’ਤੇ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦ ਨਸ਼ੀਲੇ ਪਦਾਰਥ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਲਗਭਗ 100 ਕਰੋੜ ਰੁਪਏ ਦੱਸੀ ਜਾ ਰਹੀ ਹੈ

ਮੁਲਜ਼ਮ ਦੀ ਪਛਾਣ ਕਰਨਬੀਰ ਸਿੰਘ ਵਜੋਂ ਹੋਈ

ਮੁੱਢਲੀ ਜਾਣਕਾਰੀ ਮੁਤਾਬਕ, ਗ੍ਰਿਫ਼ਤਾਰ ਪੁਲਿਸ ਮੁਲਾਜ਼ਮ ਦੀ ਪਛਾਣ ਕਰਨਬੀਰ ਸਿੰਘ ਵਾਸੀ ਪਿੰਡ ਭੂਸਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸਰਹੱਦੀ ਖੇਤਰ ਵਿੱਚ ਡਰੋਨ ਰਾਹੀਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਰੋਕਣ ਲਈ ਤਾਇਨਾਤ ਸੀ। ਉਹ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਵਾਂ ਵਿੱਚ ਐਂਟੀ-ਡਰੋਨ ਸਿਸਟਮ ਨਾਲ ਸਬੰਧਤ ਡਿਊਟੀ ਵੀ ਨਿਭਾ ਰਿਹਾ ਸੀ।

ਸਵਿਫਟ ਕਾਰ ਦੀ ਤਲਾਸ਼ੀ ਦੌਰਾਨ ਮਿਲੀ ਹੈਰੋਇਨ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪਿੰਡ ਲਹੀਆਂ ਨੇੜੇ ਇੱਕ ਚੈੱਕ ਪੁਆਇੰਟ ’ਤੇ BSF ਅਤੇ NCB ਦੀ ਸਾਂਝੀ ਟੀਮ ਨੇ ਇੱਕ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਕਾਰ ਵਿੱਚੋਂ 15 ਕਿਲੋ ਹੈਰੋਇਨ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ। ਕਾਰ ਸਵਾਰ ਕਰਨਬੀਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੇ ਤਿੰਨ ਪੈਕੇਟ ਲੈ ਕੇ ਜਾ ਰਿਹਾ ਸੀ। ਘਟਨਾ ਸਮੇਂ ਕਾਰ ਵਿੱਚ ਉਸ ਦਾ ਚਚੇਰਾ ਭਰਾ ਹਰਜੀਤ ਸਿੰਘ ਵੀ ਮੌਜੂਦ ਹੋਣ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ, ਦੂਜੇ ਵਿਅਕਤੀ ਦੀ ਭੂਮਿਕਾ ਅਤੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਬਾਰੇ ਜਾਂਚ ਦੇ ਨਤੀਜੇ ਸਾਹਮਣੇ ਆਉਣੇ ਬਾਕੀ ਹਨ।

ਪਹਿਲਾਂ ਵੀ ਸਰਹੱਦੀ ਇਲਾਕੇ ਵਿੱਚ ਕਰ ਚੁੱਕਾ ਹੈ ਡਿਊਟੀ

ਜਾਣਕਾਰੀ ਅਨੁਸਾਰ, ਕਰਨਬੀਰ ਸਿੰਘ ਪਹਿਲਾਂ ਸਰਹੱਦੀ ਪੁਲਿਸ ਥਾਣੇ ਵਿੱਚ ਮੁਨਸ਼ੀ ਵਜੋਂ ਵੀ ਸੇਵਾਵਾਂ ਨਿਭਾ ਚੁੱਕਾ ਹੈ। ਇਸ ਸਮੇਂ ਉਹ VIP ਕਾਫ਼ਲਿਆਂ ਨਾਲ ਚੱਲਣ ਵਾਲੇ ਜੈਮਰ ਵਾਹਨ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ। ਨਸ਼ਾ ਤਸਕਰੀ ਰੋਕਣ ਨਾਲ ਜੁੜੀ ਡਿਊਟੀ ਨਿਭਾਉਣ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ ਅਜਿਹੇ ਦੋਸ਼ ਸਾਹਮਣੇ ਆਉਣ ਮਗਰੋਂ ਜਾਂਚ ਏਜੰਸੀਆਂ ਦੀ ਕਾਰਵਾਈ ਅਹਿਮ ਮੰਨੀ ਜਾ ਰਹੀ ਹੈ।